ਸ਼੍ਰੀਨਗਰ:  ਮੁਕਾਬਲੇ ''ਚ ਫ਼ੌਜ ਨੇ 3 ਅੱਤਵਾਦੀ ਕੀਤੇ ਢੇਰ, CRPF ਦੇ 2 ਜਵਾਨ ਜ਼ਖਮੀ

9/17/2020 10:21:25 AM

ਸ਼੍ਰੀਨਗਰ— ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਵਿਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਇਕ ਜਨਾਨੀ ਦੀ ਮੌਤ ਹੋ ਗਈ। ਇਸ ਮੁਕਾਬਲੇ ਵਿਚ ਕੇਂਦਰੀ ਰਿਜ਼ਰਵ ਪੁਲਸ ਦਸਤੇ (ਸੀ. ਆਰ. ਪੀ. ਐੱਫ.) ਦੇ ਦੋ ਅਧਿਕਾਰੀ ਜ਼ਖਮੀ ਹੋ ਗਏ। ਇਕ ਪੁਲਸ ਬੁਲਾਰੇ ਨੇ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। 

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਸ਼੍ਰੀਨਗਰ ਦੇ ਬਟਮਾਲੂ 'ਚ ਵੀਰਵਾਰ ਤੜਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫੋਰਸ ਦੇ ਜਵਾਨ ਜਦੋਂ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰ ਕੇ ਟੀਚੇ ਹੋਏ ਖੇਤਰ ਵੱਲ ਵਧ ਰਹੇ ਸਨ, ਤਾਂ ਇਕ ਮਕਾਨ ਵਿਚ ਲੁੱਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। 

ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ਵਿਚ ਇਕ ਜਨਾਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਦੌਰਾਨ ਸੀ. ਆਰ. ਪੀ. ਐੱਫ. ਦੇ ਦੋ ਅਧਿਕਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸ਼੍ਰੀਨਗਰ ਸਥਿਤ ਫ਼ੌਜ ਦੇ 92 ਬੇਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਮੁਕਾਬਲੇ 'ਚ ਸ਼ੁਰੂਆਤ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ ਉਸ ਤੋਂ ਕੁਝ ਸਮੇਂ ਬਾਅਦ ਦੋ ਹੋਰ ਅੱਤਵਾਦੀ ਮਾਰੇ ਗਏ। ਉਨ੍ਹਾਂ 'ਚੋਂ ਕਿਸੇ ਦੀ ਵੀ ਹੁਣ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲਾ ਖਤਮ ਹੋ ਗਿਆ ਹੈ।


Tanu

Content Editor Tanu