ਜੰਮੂ ਕਸ਼ਮੀਰ : PDP ਦੇ ਸਾਬਕਾ ਨੇਤਾ ਭਾਜਪਾ ''ਚ ਸ਼ਾਮਲ
Wednesday, Feb 14, 2024 - 06:29 PM (IST)
ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ਵਿਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਸਾਬਕਾ ਨੇਤਾ ਅਰਸ਼ੀਦ ਮਹਿਮੂਦ ਖਾਨ ਬੁੱਧਵਾਰ ਨੂੰ ਇੱਥੇ ਆਪਣੇ ਕਈ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਭਾਰਤੀ ਜਨਤਾ ਪਾਰਟੀ (ਭਾਜਪਾ) ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਰਵਿੰਦਰ ਰੈਨਾ ਅਤੇ ਕਈ ਹੋਰ ਨੇਤਾਵਾਂ ਨੇ ਅਰਸ਼ੀਦ ਮਹਿਮੂਦ ਖਾਨ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਭਾਜਪਾ 'ਚ ਸਵਾਗਤ ਕੀਤਾ। ਖਾਨ ਨੌਸ਼ਹਿਰਾ ਦੇ ਡੰਡੇਸਰ ਪਿੰਡ ਤੋਂ ਤਿੰਨ ਵਾਰ ਸਰਪੰਚ ਰਹਿ ਚੁੱਕੇ ਹਨ। ਇਸ ਮੌਕੇ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਵੀ ਮੌਜੂਦ ਸਨ। ਪੀਡੀਪੀ ਦੇ ਸਾਬਕਾ ਨੇਤਾ ਖਾਨ ਨੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਹਲਕੇ ਤੋਂ 2008 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਹਾਰ ਗਏ ਸਨ।
ਖਾਨ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰੈਨਾ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਭਾਜਪਾ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ, ‘‘ਜੰਮੂ-ਕਸ਼ਮੀਰ ਵਿਚ ਚੋਣਾਂ ਦਾ ਐਲਾਨ ਕਰਨਾ ਚੋਣ ਕਮਿਸ਼ਨ ਦਾ ਵਿਸ਼ੇਸ਼ ਅਧਿਕਾਰ ਹੈ ਪਰ ਅਸੀਂ ਕਿਸੇ ਵੀ ਚੋਣ ਲਈ ਤਿਆਰ ਹਾਂ।’’ ਰੈਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਫਰਵਰੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੌਰੇ ਦੌਰਾਨ ਜੰਮੂ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ,''ਮੋਦੀ ਨੇ ਜੰਮੂ-ਕਸ਼ਮੀਰ ਦੇ ਵਿਕਾਸ ਲਈ ਖਜ਼ਾਨਾ ਖੋਲ੍ਹ ਦਿੱਤਾ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਬਹਾਲੀ ਲੋਕਾਂ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਤੋਹਫ਼ਾ ਹੈ। ਉਨ੍ਹਾਂ ਨੇ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ' ਨੂੰ ਯਕੀਨੀ ਬਣਾਇਆ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਆਂ ਪ੍ਰਦਾਨ ਕੀਤਾ ਹੈ।'' ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ,''ਪਾਰਟੀ 'ਚ ਜੋ ਵੀ ਆਏਗਾ ਅਸੀਂ ਉਸ ਦਾ ਦਿਲੋਂ ਸੁਆਗਤ ਕਰਾਂਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8