ਜੰਮੂ-ਕਸ਼ਮੀਰ ''ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 19 ਹਜ਼ਾਰ ਦੇ ਪਾਰ
Thursday, Jul 30, 2020 - 06:29 PM (IST)
ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਜਵਾਨ ਸਮੇਤ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੇਸ਼ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀਰਵਾਰ ਨੂੰ 358 ਹੋ ਗਈ। ਪ੍ਰਦੇਸ਼ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 19,419 ਹੋ ਗਈ।
ਅਧਿਕਾਰਤ ਸੂਤਰਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਪੀੜਤ ਸੀ. ਆਰ. ਪੀ. ਐੱਫ. ਜਵਾਨ ਨੂੰ ਹਸਪਤਾਲ 'ਚ ਸੋਮਵਾਰ ਨੂੰ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਵੀਰਵਾਰ ਨੂੰ ਮੌਤ ਹੋ ਗਈ। ਜਵਾਨ ਨੂੰ ਸਾਹ ਲੈਣ 'ਚ ਪਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖ਼ਲ ਲਿਜਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਇਸੇ ਹਸਪਤਾਲ ਵਿਚ ਦੋ ਬਜ਼ੁਰਗ ਮਰੀਜ਼ਾਂ ਦੀ ਵੀ ਮੌਤ ਹੋ ਗਈ ਅਤੇ ਦੋਹਾਂ ਨੂੰ ਸਾਹ ਲੈਣ ਵਿਚ ਮੁਸ਼ਕਲਾਂ ਆ ਰਹੀਆਂ ਸਨ। ਇਸ ਤੋਂ ਇਲਾਵਾ ਐਤਵਾਰ ਨੂੰ ਸ਼ੋਪੀਆਂ ਦੇ ਹਸਪਤਾਲ ਵਿਚ 66 ਸਾਲਾ ਬੀਬੀ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਵੀਰਵਾਰ ਨੂੰ ਮੌਤ ਹੋ ਗਈ।
ਸੂਤਰਾਂ ਮੁਤਾਬਕ ਸ਼੍ਰੀਨਗਰ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਸਭ ਤੋਂ ਵਧੇਰੇ 105 ਲੋਕਾਂ ਦੀ ਮੌਤ ਹੋਈ ਹੈ। ਸ਼੍ਰੀਨਗਰ ਤੋਂ ਇਲਾਵਾ ਬਾਰਾਮੂਲਾ ਵਿਚ ਹੁਣ ਤੱਕ 69 ਲੋਕਾਂ, ਅਨੰਤਨਾਗ 'ਚ 24 ਅਤੇ ਬੜਗਾਮ 'ਚ 26 ਲੋਕਾਂ ਦੀ ਜਾਨ ਜਾ ਚੁੱਕੀ ਹੈ।