ਉਂਗਲ ਉਠਾਉਣ ਦੀ ਬਜਾਏ ਦੇਸ਼ ਦੀ ਸੁਰੱਖਿਆ ਵੱਲ ਧਿਆਨ ਦੇਵੇ ਮਹਿਬੂਬਾ : ਫਾਰੂਕ
Sunday, Sep 01, 2024 - 12:07 AM (IST)
ਜੰਮੂ/ਸ੍ਰੀਨਗਰ, (ਅਰੁਣ)- ਨੈਸ਼ਨਲ ਕਾਨਫਰੰਸ (ਐੱਨ. ਸੀ. ) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਨੇ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ (ਜੇ. ਈ. ਆਈ.) ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਨ ’ਤੇ ਵਧਾਈ ਦਿੱਤੀ ਹੈ। ਸ੍ਰੀਨਗਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਨੂੰ ਚੰਗਾ ਕਦਮ ਦੱਸਿਆ।
ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਮੁਖੀ ਮਹਿਬੂਬਾ ਮੁਫਤੀ ਵੱਲੋਂ ਕੁਝ ਦਿਨ ਪਹਿਲਾਂ ਕੀਤੀ ਇਕ ਟਿੱਪਣੀ ’ਚ 1987 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨੈਸ਼ਨਲ ਕਾਨਫਰੰਸ ’ਤੇ ਚੋਣਾਂ ’ਚ ਧਾਂਦਲੀ ਕਰ ਕੇ ਜੇ. ਈ. ਆਈ. ਨੂੰ ਚੋਣਾਂ ਤੋਂ ਦੂਰ ਰਹਿਣ ਲਈ ਮਜਬੂਰ ਕਰਨ ਦੇ ਲਾਏ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੂੰ ਦੋਸ਼ ਤੇ ਜਵਾਬੀ ਦੋਸ਼ ਲਾਉਣ ਦੀ ਬਜਾਏ ਦੇਸ਼ ਦੀ ਸੁਰੱਖਿਆ ’ਤੇ ਧਿਆਨ ਦੇਣਾ ਚਾਹੀਦਾ ਹੈ।
ਐੱਨ. ਸੀ. ਦੇ ਮੁਖੀ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ ਦੇਵੇ। ਉਂਗਲ ਉਠਾਉਣ ਨਾਲ ਕੁਝ ਹਾਸਲ ਨਹੀਂ ਹੋਵੇਗਾ। ਦੇਸ਼ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ।