ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰਾਜ ਦਾ ਦਰਜਾ ਬਹਾਲ ਕਰਨ ਦੀ ਉੱਠੀ ਮੰਗ
Monday, Sep 21, 2026 - 12:54 PM (IST)
ਸ਼੍ਰੀਨਗਰ (ਏਜੰਸੀ)- ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸੋਮਵਾਰ ਤੋਂ ਸ਼ੁਰੂ ਹੋਏ ਸਰਦ ਸੈਸ਼ਨ ਦੇ ਪਹਿਲੇ ਦਿਨ ਸੱਤਾਧਾਰੀ ਗੱਠਜੋੜ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਤੁਰੰਤ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ। ਵਿਧਾਨ ਸਭਾ 'ਚ ਤਿੰਨ ਮਰਹੂਮ ਮੰਤਰੀਆਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ, ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕਾਂ ਨੇ ਕਈ ਜਨਤਕ ਮੁੱਦਿਆਂ 'ਤੇ ਨਾਅਰੇਬਾਜ਼ੀ ਕਰਕੇ ਸਰਕਾਰ ਨੂੰ ਘੇਰਿਆ। ਵਿਧਾਨ ਸਭਾ ਸਪੀਕਰ ਅਬਦੁਲ ਰਹੀਮ ਰਾਥਰ ਨੇ ਭਾਜਪਾ ਵਿਧਾਇਕਾਂ ਨੂੰ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਦੀ ਅਪੀਲ ਕੀਤੀ ਤਾਂ ਜੋ ਵਿਧਾਨ ਸਭਾ ਦੀ ਕਾਰਵਾਈ ਅੱਗੇ ਵਧ ਸਕੇ।
ਹਾਲਾਂਕਿ, ਭਾਜਪਾ ਮੈਂਬਰਾਂ ਨੇ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਜਾਰੀ ਰੱਖੀ, ਜਿਸ ਕਾਰਨ ਹੰਗਾਮਾ ਹੋਇਆ। ਹੰਗਾਮੇ ਦੇ ਵਿਚਕਾਰ ਨੈਸ਼ਨਲ ਕਾਨਫਰੰਸ, ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈ-ਐੱਮ) ਵਾਲੇ ਸੱਤਾਧਾਰੀ ਗੱਠਜੋੜ ਦੇ ਮੈਂਬਰ ਖੜ੍ਹੇ ਹੋ ਗਏ ਅਤੇ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਕੁਲਗਾਮ ਤੋਂ ਸੀਪੀਆਈ-ਐੱਮ ਵਿਧਾਇਕ ਐੱਮ.ਵਾਈ. ਤਾਰੀਗਾਮੀ ਨੇ ਵੀ ਭਾਜਪਾ ਮੈਂਬਰਾਂ ਨੂੰ ਰਾਜ ਦੀ ਬਹਾਲੀ ਲਈ ਨਾਅਰੇਬਾਜ਼ੀ ਕਰਨ ਲਈ ਕਿਹਾ,"ਦੋ ਸਾਲ ਬੀਤ ਗਏ ਹਨ, ਪਰ ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਅਜੇ ਵੀ ਪੂਰਾ ਨਹੀਂ ਹੋਇਆ ਹੈ।"
ਨੈਸ਼ਨਲ ਕਾਨਫਰੰਸ ਦੇ ਸੀਨੀਅਰ ਨੇਤਾ ਅਤੇ ਖਨਿਆਰ ਵਿਧਾਇਕ ਅਲੀ ਮੁਹੰਮਦ ਸਾਗਰ, ਜੋ ਸੱਤਾਧਾਰੀ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਸਨ, ਨੇ ਰਾਜ ਦੀ ਬਹਾਲੀ ਦੇ ਸਮਰਥਨ 'ਚ ਨਾਅਰੇ ਲਗਾਏ ਅਤੇ ਭਾਜਪਾ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਸਪੀਕਰ ਰਾਠੜ ਨੇ ਭਾਜਪਾ ਵਿਧਾਇਕਾਂ ਨੂੰ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਲਈ ਕਿਹਾ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ,"ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਕਾਂਗਰਸ ਦੇ ਵਿਧਾਇਕ ਵੀ ਸ਼ਾਮਲ ਹੋ ਗਏ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਹਾ,"ਵੋਟ ਚੋਰ ਸਰਕਾਰ ਨੂੰ ਇਕ ਹੋਰ ਧੱਕਾ ਦਿਓ।" ਹੰਗਾਮਾ ਜਾਰੀ ਰਹਿਣ 'ਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੇ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹੈ। ਉੱਪ ਮੁੱਖ ਮੰਤਰੀ ਨੇ ਕਿਹਾ,"ਪਰ ਉਨ੍ਹਾਂ ਨੂੰ ਇਕ-ਇਕ ਕਰਕੇ ਸਵਾਲ ਪੁੱਛਣੇ ਚਾਹੀਦੇ ਹਨ। ਅਸੀਂ ਸਾਰੇ ਮੁੱਦਿਆਂ ਦੇ ਜਵਾਬ ਦੇਣ ਲਈ ਤਿਆਰ ਹਾਂ। ਹਾਲਾਂਕਿ, ਇਹ ਸਪੱਸ਼ਟ ਹੈ ਕਿ ਉਨ੍ਹਾਂ ਨੂੰ ਜਨਤਕ ਭਲਾਈ 'ਚ ਕੋਈ ਦਿਲਚਸਪੀ ਨਹੀਂ ਹੈ। ਇਹ ਉਨ੍ਹਾਂ ਦਾ ਅਸਲੀ ਚਿਹਰਾ ਹੈ, ਜੋ ਜਨਤਾ ਦੇ ਸਾਹਮਣੇ ਆ ਗਿਆ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
