ਸ਼ਰਧਾਲੂਆਂ ਲਈ ਮੁੜ ਖੁੱਲ੍ਹੇਗਾ ਗੰਦਰਬਲ ਦਾ ਇਤਿਹਾਸਕ ਨਾਰਾਨਾਗ ਮੰਦਰ, ਪ੍ਰਸ਼ਾਸਨ ਵੱਲੋਂ ਹਰੀ ਝੰਡੀ
Saturday, Jun 20, 2026 - 07:57 PM (IST)
ਨੈਸ਼ਨਲ ਡੈਸਕ- ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ ਤੋਂ ਬਾਅਦ ਪ੍ਰਸ਼ਾਸਨ ਨੇ ਕੇਂਦਰੀ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ 'ਚ ਸਥਿਤ ਇਤਿਹਾਸਕ ਨਾਰਾਨਾਗ ਮੰਦਰ ਨੂੰ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਮੁੜ ਖੋਲ੍ਹਣ ਦਾ ਵੱਡਾ ਫੈਸਲਾ ਲਿਆ ਹੈ। ਇਹ ਫੈਸਲਾ ਖੇਤਰ 'ਚ ਧਾਰਮਿਕ ਸੈਰ-ਸਪਾਟੇ ਨੂੰ ਮੁੜ ਸੁਰਜੀਤ ਕਰਨ ਅਤੇ ਸਥਾਨਕ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ 'ਚ ਪਹਿਲਗਾਮ ਦੀ ਬੈਸਰਨ ਘਾਟੀ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਨਾਰਾਨਾਗ ਮੰਦਰ ਨੂੰ ਆਮ ਲੋਕਾਂ ਲਈ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਇੱਥੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਸੀ।
ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ। LG ਦਫ਼ਤਰ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਦੁਆਰਾ ਮੌਜੂਦਾ ਸਥਿਤੀ ਦਾ ਡੂੰਘਾਈ ਨਾਲ ਮੁਲਾਂਕਣ ਕਰਨ ਤੋਂ ਬਾਅਦ ਹੁਣ ਮੰਦਰ ਨੂੰ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।
ਨਾਰਾਨਾਗ ਮੰਦਰ ਆਪਣੀ ਵਿਲੱਖਣ ਪ੍ਰਾਚੀਨ ਵਾਸਤੂਕਲਾ ਅਤੇ ਇਤਿਹਾਸਕ ਮਹੱਤਤਾ ਲਈ ਜਾਣਿਆ ਜਾਂਦਾ ਹੈ, ਜੋ ਹਰ ਸਾਲ ਵੱਡੀ ਗਿਣਤੀ 'ਚ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਆਪਣੇ ਵੱਲ ਖਿੱਚਦਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਦੇ ਇਸ ਕਦਮ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਮੰਦਰ ਦੇ ਖੁੱਲ੍ਹਣ ਨਾਲ ਨਾ ਸਿਰਫ਼ ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਸਹੂਲਤ ਮਿਲੇਗੀ, ਸਗੋਂ ਕਸ਼ਮੀਰ ਦੇ ਸੈਰ-ਸਪਾਟਾ ਉਦਯੋਗ 'ਤੇ ਵੀ ਇਸ ਦਾ ਹਾਂ-ਪੱਖੀ ਪ੍ਰਭਾਵ ਪਵੇਗਾ।
