ਜੰਮੂ ਕਸ਼ਮੀਰ ਦੇ CM ਅਬਦੁੱਲਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Thursday, Dec 19, 2024 - 06:12 PM (IST)
ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਰਾਜ ਦਾ ਦਰਜਾ ਜਲਦੀ ਬਹਾਲ ਕਰਨ ਸਮੇਤ ਕਈ ਪ੍ਰਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਅਗਸਤ 2019 'ਚ ਪੁਰਾਣੇ ਰਾਜ ਦੇ ਪੁਨਰਗਠਨ ਤੋਂ ਬਾਅਦ ਇਸ ਸਾਲ ਅਕਤੂਬਰ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਵਾਲੇ ਅਬਦੁੱਲਾ ਦੀ ਇਹ ਸ਼ਾਹ ਨਾਲ ਦੂਜੀ ਮੁਲਾਕਾਤ ਸੀ। ਅਬਦੁੱਲਾ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਜਲਦੀ ਬਹਾਲ ਕਰਨ ਬਾਰੇ ਆਸ਼ਾਵਾਦੀ ਹੈ ਅਤੇ ਸੰਭਵ ਤੌਰ 'ਤੇ ਇਸ ਲਈ ਸੰਭਾਵਿਤ ਸਮੇਂ ਸੀਮਾ 'ਤੇ ਕੰਮ ਕਰਨਗੇ। ਇਸ ਮੁੱਦੇ ਤੋਂ ਇਲਾਵਾ ਮੁੱਖ ਮੰਤਰੀ ਟਰਾਂਜੈਕਸ਼ਨ ਆਫ ਬਿਜ਼ਨਸ ਰੂਲਜ਼ (ਟੀ.ਬੀ.ਆਰ.) ਬਾਰੇ ਸਪੱਸ਼ਟੀਕਰਨ ਮੰਗਣਗੇ ਤਾਂ ਜੋ ਉਹ ਵੱਖ-ਵੱਖ ਵਿਭਾਗਾਂ ਦੇ ਸਬੰਧ 'ਚ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਦੀ ਸਪੱਸ਼ਟ ਸਮਝ ਹਾਸਲ ਕਰ ਸਕਣ।
ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਰਾਜ ਦਾ ਦਰਜਾ ਬਹਾਲ ਕਰਨ ਸਣੇ ਕਈ ਮੁੱਦੇ ਹਨ, ਜਿਨ੍ਹਾਂ 'ਤੇ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕਰਨ ਦੀ ਲੋੜ ਹੈ। ਉਨ੍ਹਾਂ ਨੇ ਨਵੀਂ ਦਿੱਲੀ 'ਚ ਭਾਰਤੀ ਉਦਯੋਗ ਸੰਘ (ਸੀਆਈਆਈ) ਵਲੋਂ ਆਯੋਜਿਤ 18ਵੇਂ ਸਾਲਾਨਾ ਸੈਰ-ਸਪਾਟਾ ਸੰਮੇਲਨ 2024 ਤੋਂ ਵੱਖ ਪੱਤਰਕਾਰਾਂ ਨੂੰ ਕਿਹਾ ਸੀ,''ਅਜਿਹੇ ਕਈ ਮੁੱਦੇ ਹਨ, ਜਿਨ੍ਹਾਂ 'ਤੇ ਮੈਨੂੰ ਗ੍ਰਹਿ ਮੰਤਰੀ ਨਾਲ ਲੱਗ ਕਰਨ ਦੀ ਲੋੜ ਹੈ। ਮੌਜੂਦਾ ਸਮੇਂ ਜੰਮੂ ਕਸ਼ਮੀਰ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਹੈ ਅਤੇ ਅਸੀਂ ਰਾਜ ਦਾ ਦਰਜਾ ਮਿਲਣ ਦੀ ਉਮੀਦ ਕਰ ਰਹੇ ਹਾਂ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਗ੍ਰਹਿ ਮੰਤਰੀ ਦੀ ਇਕ ਵੱਖ ਭੂਮਿਕਾ ਹੁੰਦੀ ਹੈ।'' ਇਸ ਤੋਂ ਪਹਿਲੇ, ਅਬਦੁੱਲਾ ਨੇ 16 ਅਕਤੂਬਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਪਹਿਲੀ ਯਾਤਰਾ ਦੌਰਾਨ 23 ਅਕਤੂਬਰ ਨੂੰ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਇਸ ਮੁਲਾਕਾਤ ਨੂੰ ਇਕ ਸ਼ਿਸ਼ਟਾਚਾਰ ਮੁਲਾਕਾਤ ਵਜੋਂ ਦੇਖਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਸੀ ਕਿ ਅਬਦੁੱਲਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਥਿਤੀ ਤੋਂ ਜਾਣੂ ਕਰਵਾਇਆ ਸੀ ਅਤੇ ਰਾਜ ਦਾ ਦਰਜਾ ਬਹਾਲ ਕਰਨ ਦੇ ਮੁੱਦੇ 'ਤੇ ਵੀ ਚਰਚਾ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8