ਜੰਮੂ-ਕਸ਼ਮੀਰ ਦੇ ਪੁਲਵਾਮਾ ''ਚ ਮੁਕਾਬਲਾ, ਜਵਾਨ ਸ਼ਹੀਦ, ਇਕ ਅੱਤਵਾਦੀ ਕੀਤਾ ਗਿਆ ਢੇਰ

07/07/2020 12:18:05 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਪਰ ਇਸ ਦੌਰਾਨ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਮੰਗਲਵਾਰ ਤੜਕੇ ਪੁਲਵਾਮਾ ਦੇ ਗੋਸੂ ਪਿੰਡ 'ਚ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਦਸਤਿਆਂ ਨੇ ਪਿੰਡ ਤੋਂ ਬਾਹਰ ਨਿਕਲਣ ਦੇ ਸਾਰੇ ਮਾਰਗਾਂ ਨੂੰ ਸੀਲ ਕਰਨ ਤੋਂ ਬਾਅਦ ਸ਼ੱਕੀ ਇਲਾਕੇ ਵੱਲ ਵਧਣਾ ਸ਼ੁਰੂਕੀਤਾ, ਉਦੋਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਜਵਾਨਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਫੌਜ ਅਤੇ ਇਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਫੌਜ ਦੇ 92 ਬੇਸ ਹਸਪਤਾਲ ਲਿਜਾਇਆ ਗਿਆ, ਜਿੱਥੇ ਫੌਜੀ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਇਲਾਕੇ 'ਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਰਿਪੋਰਟ ਹੈ। ਇਸ ਵਿਚ ਨੇੜਲੇ ਇਲਾਕਿਆਂ 'ਚ ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ 'ਚ ਸੁਰੱਖਿਆ ਕਾਰਨਾਂ ਕਰ ਕੇ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।


DIsha

Content Editor

Related News