ਜੰਮੂ-ਕਸ਼ਮੀਰ ''ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ''ਚ 2 ਅੱਤਵਾਦੀ ਢੇਰ

09/25/2020 11:27:04 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਸ਼ੁੱਕਰਵਾਰ ਸਵੇਰੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ 'ਚ ਅਨੰਤਨਾਗ ਜ਼ਿਲ੍ਹੇ ਦੇ ਸਿਰਹਾਮਾ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਵੀਰਵਾਰ ਨੂੰ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।

ਅਧਿਕਾਰੀ ਨੇ ਦੱਸਿਆ ਕਿ ਇਲਾਕੇ 'ਚ ਰਾਤ ਭਰ ਸਖਤ ਘੇਰਾਬੰਦੀ ਰੱਖੀ ਗਈ ਤਾਂ ਕਿ ਅੱਤਵਾਦੀ ਬਚ ਕੇ ਦੌੜ ਨਾ ਸਕਣ। ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਲਸ਼ਕਰ ਦੇ 2 ਅੱਤਵਾਦੀ ਮਾਰੇ ਗਏ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ ਮੁਹਿੰਮ ਜਾਰੀ ਹੈ।


DIsha

Content Editor

Related News