ਜੰਤਰ-ਮੰਤਰ ''ਤੇ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ, ਹਿਰਾਸਤ ''ਚ ਰੱਖੇ ਗਏ ਨੇਤਾਵਾਂ ਦੀ ਰਿਹਾਈ ਦੀ ਮੰਗ
Thursday, Aug 22, 2019 - 07:14 PM (IST)

ਨਵੀਂ ਦਿੱਲੀ— ਕਾਂਗਰਸ ਸਮੇਤ ਕਈ ਵਿਰੋਧੀ ਦਲ ਦੇ ਨੇਤਾਵਾਂ ਨੇ ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਏ ਗਏ ਨੇਤਾਵਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ 'ਚ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ, ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਭਾਕਪਾ ਜਨਰਲ ਸਕੱਤਰ ਡੀ. ਰਾਜਾ, ਸਪਾ ਨੇਤਾ ਰਾਮਗੋਪਾਲ ਯਾਦਵ, ਲੋਕਤੰਤਰੀ ਜਨਤਾ ਦਲ ਦੇ ਸ਼ਰਦ ਯਾਦਵ, ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਅਤੇ ਤ੍ਰਿਣਮੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਸ਼ਾਮਲ ਹੋਏ। ਇਨ੍ਹਾਂ ਨੇਤਾਵਾਂ ਨੇ ਮੰਗ ਕੀਤੀ ਕਿ ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਏ ਗਏ ਨੇਤਾਵਾਂ ਨੂੰ ਰਿਹਾਅ ਕੀਤੇ ਜਾਵੇ ਅਤੇ ਉੱਥੇ ਦੂਰਸੰਚਾਰ ਸੇਵਾਵਾਂ ਬਾਹਲ ਕੀਤੀਆਂ ਜਾਣ।ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦਾਂਬਰਮ ਵੀ ਵਿਰੋਧੀ ਦਲਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੂੰ ਆਈ.ਐੱਨ.ਐਕਸ. ਮੀਡੀਆ ਮਾਮਲੇ 'ਚ ਬੁੱਧਵਾਰ ਦੀ ਰਾਤ ਸੀ.ਬੀ.ਆਈ. ਨੇ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਅਤੇ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਣ ਦਾ ਕਦਮ ਚੁੱਕਿਆ। ਇਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਰਾਜ ਦੇ ਕਈ ਇਲਾਕਿਆਂ 'ਚ ਚੌਕਸੀ ਲਈ ਭਾਰੀ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਕੀਤੀ ਗਈ ਅਤੇ ਮੋਬਾਇਲ-ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਨਜ਼ਬੰਦ ਕੀਤਾ ਗਿਆ।