ਕਿਸਾਨਾਂ ਤੇ ਸਰਕਾਰ ਦਰਮਿਆਨ ਵਿਚੋਲਗੀ ਲਈ ਮੁੱਖ ਮੰਤਰੀ ਖੱਟੜ ਨੂੰ ਕਰਾਂਗੇ ਅਪੀਲ: ਦਾਦੂਵਾਲ
Friday, Jun 11, 2021 - 02:26 PM (IST)
ਹਰਿਆਣਾ– ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਾਫ਼ੀ ਲੰਮੇ ਸਮੇਂ ਤੋਂ ਕਿਸਾਨਾਂ ਦਾ ਧਰਨਾ ਜਾਰੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ 12 ਦੌਰ ਦੀਆਂ ਬੈਠਕਾਂ ਹੋਣ ਤੋਂ ਬਾਅਦ ਗੱਲਬਾਤ ਰੁੱਕ ਚੁੱਕੀ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਬਣੀ ਟਕਰਾਅ ਦੀ ਸਥਿਤੀ ਨੂੰ ਖ਼ਤਮ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਗੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਵਿਚੋਲਗੀ ਕਰਨ ਦਾ ਪ੍ਰਸਤਾਵ ਰੱਖਣਗੇ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਇਸ ਸਬੰਧੀ ਉਹ ਜਲਦ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਕਿਹਾ ਕਿ ਹੁਣ ਤਕ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਆਪਣੀਆਂ ਜਾਨਾ ਗੁਆ ਚੁੱਕੇ ਹਨ। ਗਰਮੀ ਦੇ ਮੌਸਮ ’ਚ ਕਿਸਾਨ ਤੱਪਦੀ ਧੁੱਪ ’ਚ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗੱਲਬਾਤ ਦਾ ਦੌਰ ਸ਼ੁਰੂ ਕਰਦਿਆਂ ਅਜਿਹਾ ਰਾਹ ਲੱਭਣਾ ਚਾਹੀਦਾ ਹੈ, ਜਿਸ ਨਾਲ ਕਿਸਾਨ ਵੀ ਸੰਤੁਸ਼ਟ ਹੋ ਜਾਣ ਅਤੇ ਮੁੱਦਾ ਵੀ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਸਥਾਈ ਹੱਲ ਕਿਸਾਨਾਂ ਨਾਲ ਗੱਲ ਕਰਕੇ ਹੀ ਲੱਭਿਆ ਜਾ ਸਕਦਾ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਇੰਤਜ਼ਾਰ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਦਾਲਤ ਕਮੇਟੀ ਦੇ ਹੱਕ ’ਚ ਫ਼ੈਸਲਾ ਦੇਵੇਗੀ।