ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਨੂੰ ਅਹੁਦੇ ਤੋਂ ਹਟਾਇਆ
Sunday, Aug 28, 2022 - 11:24 PM (IST)
ਨੈਸ਼ਨਲ ਡੈਸਕ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਡਾ. ਗੁਰਵਿੰਦਰ ਸਿੰਘ ਸਮਰਾ ਵਿਚਾਲੇ ਵਿਵਾਦ ਚੱਲ ਰਿਹਾ ਸੀ। ਡਾ. ਗੁਰਵਿੰਦਰ ਸਿੰਘ ਸਮਰਾ ਨਾਂ ਦੇ ਵਿਅਕਤੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ’ਤੇ ਲਗਾਏ ਸਨਸਨੀਖੇਜ਼ ਇਲਜ਼ਾਮਾਂ ਤੋਂ ਬਾਅਦ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਗਿਆਨੀ ਗੌਹਰ ਦੇ ਕੰਮਕਾਜ ’ਤੇ 24 ਅਗਸਤ ਤੱਕ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਨਸੀਹਤ ’ਤੇ ਰਾਜਾ ਵੜਿੰਗ ਦੀ ਦੋ-ਟੁੱਕ, ਕਿਹਾ- ‘ਬਿਨਾਂ ਮੰਗਿਆਂ ਸਲਾਹ ਨਹੀਂ ਦੇਣੀ ਚਾਹੀਦੀ....’
ਹੁਣ ਜਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਜਥੇਦਾਰ ਰਣਜੀਤ ਸਿੰਘ ਨੂੰ ਸਾਰੀਆਂ ਸੇਵਾਵਾਂ ਤੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਪ੍ਰਧਾਨ ਹਿੱਤ ਵੱਲੋਂ ਕਿਹਾ ਗਿਆ ਕਿ ਜਦੋਂ ਤਕ ਉਹ ਨਿਰਦੋਸ਼ ਸਾਬਿਤ ਨਹੀਂ ਹੋ ਜਾਂਦੇ, ਉਦੋਂ ਤਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਮਿਲੀ ਕਿਸੇ ਵੀ ਪੋਸਟ ਦੀ ਵਰਤੋਂ ਨਹੀਂ ਕਰ ਸਕਦੇ।