ਦਿੱਲੀ ਦੰਗਿਆਂ ਦੇ ਮੁਲਜ਼ਮਾਂ ਨੂੰ ਜ਼ਮਾਨਤ ਨਾ ਮਿਲਣ 'ਤੇ JNU 'ਚ ਵਿਰੋਧ ਪ੍ਰਦਰਸ਼ਨ, ਮੋਦੀ-ਸ਼ਾਹ ਖਿਲਾਫ ਲੱਗੇ ਨਾਅਰੇ
Tuesday, Jan 06, 2026 - 03:32 PM (IST)
ਨਵੀਂ ਦਿੱਲੀ- ਜਵਾਹਰਲਾਲ ਨਹਿਰੂ ਯੂਨੀਵਰਸਿਟੀ (JNU) ਇਕ ਵਾਰ ਫਿਰ ਵਿਵਾਦਾਂ ਦੇ ਘੇਰੇ 'ਚ ਹੈ। ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਕੈਂਪਸ 'ਚ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਇਸ ਪ੍ਰਦਰਸ਼ਨ ਨਾਲ ਸਬੰਧਤ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਵਿਦਿਆਰਥੀ ਕੈਂਪਸ ਦੇ ਅੰਦਰ ਨਾਅਰੇਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਇਸ ਵੀਡੀਓ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਵਿਦਿਆਰਥੀਆਂ ਨੂੰ 'ਟੁਕੜੇ-ਟੁਕੜੇ ਗੈਂਗ' ਦਾ ਹਿੱਸਾ ਦੱਸਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਪ੍ਰਦਰਸ਼ਨਕਾਰੀ ਸਾਰੀਆਂ ਹੱਦਾਂ ਪਾਰ ਕਰ ਰਹੇ ਹਨ ਅਤੇ ਅਦਾਲਤ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ।
ਸਿਆਸੀ ਘਮਾਸਾਨ
ਭਾਜਪਾ ਨੇ ਇਸ ਮਾਮਲੇ 'ਚ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਨੂੰ ਵੀ ਨਿਸ਼ਾਨੇ 'ਤੇ ਲਿਆ ਹੈ। ਪੂਨਾਵਾਲਾ ਨੇ ਦਾਅਵਾ ਕੀਤਾ ਕਿ ਉਦਿਤ ਰਾਜ, ਬਰਿੰਦਾ ਕਰਤ, ਹੁਸੈਨ ਦਲਵਈ ਅਤੇ ਪ੍ਰਿਥਵੀਰਾਜ ਚੌਹਾਨ ਵਰਗੇ ਆਗੂ ਮੁਲਜ਼ਮਾਂ ਨੂੰ 'ਬੇਕਸੂਰ' ਦੱਸ ਕੇ ਉਨ੍ਹਾਂ ਦਾ ਪੱਖ ਪੂਰ ਰਹੇ ਹਨ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਇਹ ਉਹ ਲੋਕ ਹਨ ਜੋ ਨਕਸਲੀਆਂ ਨੂੰ 'ਸ਼ਹੀਦ' ਕਹਿ ਕੇ ਸੰਬੋਧਨ ਕਰਦੇ ਹਨ।
ਅਦਾਲਤ ਦਾ ਫੈਸਲਾ
ਜ਼ਿਕਰਯੋਗ ਹੈ ਕਿ ਸਿਖਰਲੀ ਅਦਾਲਤ ਨੇ ਦਿੱਲੀ ਦੰਗਿਆਂ ਦੇ ਮਾਮਲੇ 'ਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਐੱਨ.ਵੀ. ਅੰਜਾਰੀਆ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੀ ਧਾਰਾ 43ਡੀ (5) ਦੇ ਤਹਿਤ ਪਹਿਲੀ ਨਜ਼ਰੇ ਮਾਮਲਾ ਬਣਦਾ ਹੈ। ਅਦਾਲਤ ਅਨੁਸਾਰ, ਇਸ ਪੜਾਅ 'ਤੇ ਉਨ੍ਹਾਂ ਦੀ ਲਗਾਤਾਰ ਹਿਰਾਸਤ 'ਚ ਕੋਈ ਦਖ਼ਲ ਨਹੀਂ ਦਿੱਤਾ ਜਾ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
