G-20 ਸੰਮੇਲਨ ''ਤੇ ਵੀ ਪਿਆ ਸੀ ਖਾਲਿਸਤਾਨ ਦਾ ਪਰਛਾਵਾਂ, ਬਾਈਡੇਨ ਨੇ PM ਮੋਦੀ ਕੋਲ ਚੁੱਕਿਆ ਸੀ ਮੁੱਦਾ : ਰਿਪੋਰਟ
Friday, Sep 22, 2023 - 06:27 PM (IST)
ਨਵੀਂ ਦਿੱਲੀ- ਕੈਨੇਡਾ ਵਿੱਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਕਾਰਨ ਪੈਦਾ ਹੋਏ ਤਣਾਅ ਦੇ ਪਰਛਾਵੇਂ ਤੋਂ ਜੀ-20 ਸੰਮੇਲਨ ਵੀ ਅਛੂਤਾ ਨਹੀਂ ਰਿਹਾ ਸੀ। ਬ੍ਰਿਟਿਸ਼ ਅਖ਼ਬਾਰ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਦਿੱਲੀ 'ਚ ਜੀ-20 ਸੰਮੇਲਨ ਦੌਰਾਨ ਜੋਅ ਬਾਈਡੇਨ ਅਤੇ ਕੁਝ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਸਿੱਖ ਕੱਟੜਪੰਥੀ ਦੇ ਕਤਲ ਦਾ ਮੁੱਦਾ ਚੁੱਕਿਆ ਸੀ। ਇੰਟੈਲੀਜੈਂਸ ਸ਼ੇਅਰਿੰਗ ਨੈੱਟਵਰਕ 'ਫਾਈਵ ਆਈਜ਼' 'ਚ ਸ਼ਾਮਲ ਕਈ ਹੋਰ ਦੇਸ਼ਾਂ ਦੇ ਨੇਤਾਵਾਂ ਨੇ ਵੀ ਇਸ ਮੁੱਦੇ 'ਤੇ ਚਰਚਾ ਕੀਤੀ ਸੀ। ਅਖ਼ਬਾਰ ਨੇ ਸੰਮੇਲਨ 'ਚ ਸ਼ਾਮਲ ਹੋਣ ਵਾਲੇ 3 ਲੋਕਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਜੀ-20 ਸੰਮੇਲਨ ਦੌਰਾਨ ਕੈਨੇਡੀਅਨ ਪੀ.ਐੱਮ. ਜਸਟਿਨ ਟਰੂਡੋ ਨਾਲ ਮੁਲਾਕਾਤ ਦੌਰਾਨ ਖਾਲਿਸਤਾਨੀ ਤੱਤਾਂ ਦੀ ਸਰਗਰਮੀ ਦਾ ਮੁੱਦਾ ਚੁੱਕਿਆ ਸੀ।
ਇਹ ਵੀ ਪੜ੍ਹੋ: ਭਾਰਤ ਨਾਲ ਤਣਾਅ ਦੌਰਾਨ ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਸਰਕਾਰ 'ਤੇ ਮੰਡਰਾਉਣ ਲੱਗਾ ਖ਼ਤਰਾ
ਉਨ੍ਹਾਂ ਕਿਹਾ ਸੀ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਨੂੰ ਰੋਕਣ ਦੀ ਲੋੜ ਹੈ। ਬ੍ਰਿਟਿਸ਼ ਅਖ਼ਬਾਰ ਮੁਤਾਬਕ ਕੈਨੇਡਾ ਨੇ ‘ਫਾਈਵ ਆਈਜ਼’ ਦੇਸ਼ਾਂ ਨੂੰ ਅਪੀਲ ਕੀਤੀ ਸੀ ਕਿ ਉਹ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਮੁੱਦਾ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣ। ‘ਫਾਈਵ ਆਈਜ਼’ ਵਾਲੇ ਦੇਸ਼ਾਂ ਵਿਚ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਬ੍ਰਿਟੇਨ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਇਸ ਸੰਗਠਨ ਦੇ ਦੇਸ਼ਾਂ ਵਿਚਾਲੇ ਖੁਫੀਆ ਜਾਣਕਾਰੀ ਨੂੰ ਆਪਸ 'ਚ ਸਾਂਝਾ ਕਰਨ ਦਾ ਸਮਝੌਤਾ ਹੋਇਆ ਹੈ। ਦੱਸ ਦੇਈਏ ਕਿ ਟਰੂਡੋ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਦੇ ਦੋਸ਼ ਲਾਏ ਹਨ। ਇਸ ਕਾਰਨ ਦੋਵਾਂ ਦੇਸ਼ਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ। ਭਾਰਤ ਸਰਕਾਰ ਨੇ ਕੁਝ ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਕੈਨੇਡੀਅਨਾਂ ਲਈ ਅਗਲੇ ਨੋਟਿਸ ਤੱਕ ਵੀਜ਼ਾ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।