JP ਨੱਢਾ 2024 ਤੱਕ ਬਣੇ ਰਹਿਣਗੇ BJP ਦੇ ਕੌਮੀ ਪ੍ਰਧਾਨ, ਕਾਰਜਕਾਲ ਇਕ ਸਾਲ ਵਧਿਆ
Tuesday, Jan 17, 2023 - 04:16 PM (IST)
ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਕਾਰਜਕਾਲ ਨੂੰ ਜੂਨ 2024 ਤੱਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਰਜਕਾਰਨੀ ਦੀ ਬੈਠਕ ਦੇ ਸਥਾਨ 'ਤੇ ਪ੍ਰੈੱਸ ਕਾਨਫਰੰਸ 'ਚ ਦਿੱਤੀ। ਸ਼ਾਹ ਨੇ ਇਸ ਦੌਰਾਨ ਨੱਢਾ ਦੀ ਅਗਵਾਈ ਦੀ ਤਾਰੀਫ਼ ਵੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਭਾਜਪਾ ਨੇ ਕਈ ਅਹਿਮ ਚੋਣਾਂ ਜਿੱਤੀਆਂ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨੱਢਾ ਦਾ ਕਾਰਜਕਾਲ ਜੂਨ 2024 ਤੱਕ ਵਧਾਉਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਾਰੇ ਮੈਂਬਰਾਂ ਨੇ ਸਵੀਕਾਰ ਕਰ ਲਿਆ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਨੱਢਾ ਦੀ ਪ੍ਰਧਾਨਗੀ ਹੇਠ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ 2019 ਦੇ ਮੁਕਾਬਲੇ ਵੱਡੇ ਬਹੁਮਤ ਨਾਲ ਜਿੱਤੇਗੀ। ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ 2 ਦਿਨਾ ਬੈਠਕ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਸਥਿਤ ਨਵੀਂ ਦਿੱਲੀ ਨਗਰਪਾਲਿਕਾ ਕੌਂਸਲ (ਐੱਨਡੀਐੱਮਸੀ) ਦੇ ਕਨਵੈਨਸ਼ਨ ਸੈਂਟਰ 'ਚ ਸ਼ੁਰੂ ਹੋਈ ਸੀ। ਅੱਜ ਮੀਟਿੰਗ ਦਾ ਦੂਜਾ ਅਤੇ ਆਖਰੀ ਦਿਨ ਹੈ।
ਪ੍ਰਧਾਨ ਮੰਤਰੀ ਮੰਗਲਵਾਰ ਸਵੇਰੇ ਕਾਰਜਕਾਰਨੀ ਸਥਾਨ 'ਤੇ ਪਹੁੰਚੇ। ਉਨ੍ਹਾਂ ਤੋਂ ਇਲਾਵਾ ਇਸ ਕਾਰਜਕਾਰਨੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਪਾਰਟੀ ਦੇ 350 ਦੇ ਕਰੀਬ ਸੀਨੀਅਰ ਆਗੂ ਹਿੱਸਾ ਲੈ ਰਹੇ ਹਨ। ਇਨ੍ਹਾਂ 'ਚ 12 ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ 5 ਉਪ ਮੁੱਖ ਮੰਤਰੀ ਅਤੇ 35 ਕੇਂਦਰੀ ਮੰਤਰੀ ਸ਼ਾਮਲ ਹਨ। ਨੱਢਾ ਦਾ ਤਿੰਨ ਸਾਲ ਦਾ ਕਾਰਜਕਾਲ ਇਸ ਸਾਲ 20 ਜਨਵਰੀ ਨੂੰ ਖ਼ਤਮ ਹੋ ਰਿਹਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜੁਲਾਈ 2019 'ਚ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਉਸ ਤੋਂ ਬਾਅਦ 20 ਜਨਵਰੀ 2020 ਨੂੰ ਉਨ੍ਹਾਂ ਨੇ ਪਾਰਟੀ ਦੇ ਫੁੱਲ-ਟਾਈਮ ਪ੍ਰਧਾਨ ਵਜੋਂ ਚਾਰਜ ਸੰਭਾਲ ਲਿਆ। ਭਾਜਪਾ ਦੇ ਸੰਵਿਧਾਨ ਮੁਤਾਬਕ ਰਾਸ਼ਟਰੀ ਪ੍ਰਧਾਨ ਨੂੰ ਲਗਾਤਾਰ ਤਿੰਨ ਸਾਲ ਦੇ ਦੋ ਕਾਰਜਕਾਲ ਦੇਣ ਦੀ ਵਿਵਸਥਾ ਹੈ। ਮੂਲ ਰੂਪ ਨਾਲ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਨੱਢਾ ਦਾ ਜਨਮ ਬਿਹਾਰ ਦੀ ਰਾਜਧਾਨੀ ਪਟਨਾ 'ਚ 2 ਦਸੰਬਰ 1960 ਨੂੰ ਹੋਇਆ ਸੀ।