ਕਮਲਨਾਥ ਨੇ ਕਿਸਾਨਾਂ ਦੀ ਕਰਜ਼ ਮੁਆਫ਼ੀ ''ਤੇ ਲਿਆ ਵੱਡਾ ਫੈਸਲਾ

Monday, Dec 17, 2018 - 05:20 PM (IST)

ਕਮਲਨਾਥ ਨੇ ਕਿਸਾਨਾਂ ਦੀ ਕਰਜ਼ ਮੁਆਫ਼ੀ ''ਤੇ ਲਿਆ ਵੱਡਾ ਫੈਸਲਾ

ਭੋਪਾਲ— ਕਮਲਨਾਥ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੇ ਕੁਝ ਦੇਰ ਬਾਅਦ ਵੀ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਦਸਤਾਵੇਜ਼ਾਂ 'ਤੇ ਦਸਤਖ਼ਤ ਕਰ ਕੇ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਨੇ ਸੋਮਵਾਰ ਨੂੰ ਹੀ ਮੱਧ ਪ੍ਰਦੇਸ਼ ਦੇ 18ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਰੋਹ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਲਿਕਾਰਜੁਨ ਖੜਗੇ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ ਪਾਇਲਟ, ਸੰਸਦ ਮੈਂਬਰ ਜੋਤੀਰਾਦਿੱਤਿਯ ਸਿੰਧੀਆ, ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਰਹੇ। 

ਇਨ੍ਹਾਂ ਤੋਂ ਇਲਾਵਾ ਤੇਲੁਗੂ ਦੇਸ਼ਮ ਪਾਰਟੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ, ਲੋਕਤੰਤਰੀ ਜਨਤਾ ਦਲ ਦੇ ਸ਼ਰਦ ਯਾਦਵ, ਦਰਮੁਕ ਨੇਤਾ ਐੱਮ.ਕੇ. ਸਟਾਲਿਨ, ਰਾਜਦ ਨੇਤਾ ਤੇਜਸਵੀ ਯਾਦਵ, ਨੈਸ਼ਨਲ ਕਾਨਫਰੰਸ ਦੇ ਫਾਰੂਖ ਅਬਦੁੱਲਾ ਅਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸਮਾਰੋਹ 'ਚ ਸ਼ਾਮਲ ਹੋਏ। ਮੱਧ ਪ੍ਰਦੇਸ਼ ਵਿਧਾਨ ਸਭਾ ਲਈ 28 ਨਵੰਬਰ ਨੂੰ ਵੋਟਿੰਗ ਹੋਈ ਸੀ ਅਤੇ 11 ਦਸੰਬਰ ਨੂੰ ਆਏ ਚੋਣ ਨਤੀਜਿਆਂ 'ਚ ਪ੍ਰਦੇਸ਼ ਦੀਆਂ ਕੁੱਲ 230 ਵਿਧਾਨ ਸਭਾ ਸੀਟਾਂ 'ਚੋਂ ਕਾਂਗਰਸ ਨੂੰ 114 ਸੀਟਾਂ ਮਿਲੀਆਂ ਹਨ। ਕਾਂਗਰਸ ਬਸਪਾ ਦੇ 2, ਸਪਾ ਦੇ ਇਕ ਅਤੇ ਚਾਰ ਹੋਰ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਸਰਕਾਰ ਬਣਾ ਰਹੀ ਹੈ। ਉਸ ਨੂੰ ਫਿਲਹਾਲ ਕੁੱਲ 121 ਵਿਧਾਇਕਾਂ ਦਾ ਸਮਰਥਨ ਹਾਸਲ ਹੈ। ਉੱਥੇ ਹੀ ਭਾਜਪਾ ਨੂੰ 109 ਸੀਟਾਂ ਮਿਲੀਆਂ ਸਨ।


Related News