ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਤੁਰੰਤ ਆਪਣਾ ਡੋਪ ਟੈਸਟ ਕਰਵਾਉਣ : ਦਾਦੂਵਾਲ
Tuesday, Apr 18, 2023 - 11:10 AM (IST)
ਕੁਰੂਕਸ਼ੇਤਰ (ਧਮੀਜਾ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਸੇਵਾਪੰਥੀ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਤੁਰੰਤ ਆਪਣਾ ਡੋਪ ਟੈਸਟ ਕਰਵਾਉਣ ਤਾਂ ਜੋ ਸੱਚਾਈ ਸੰਗਤ ਦੇ ਸਾਹਮਣੇ ਆ ਸਕੇ। ਦਾਦੂਵਾਲ ਸੋਮਵਾਰ ਨੂੰ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਐਤਵਾਰ ਨੂੰ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਲਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਆਪਣੀ ਗੱਲ ਰੱਖੀ।
ਕਮੇਟੀ ਦੇ ਸਾਰੇ 38 ਮੈਂਬਰਾਂ ਨੂੰ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ
ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਅੰਬਾਲਾ ’ਚ ਹੋਈ ਕਮੇਟੀ ਦੇ ਕੁਝ ਮੈਂਬਰਾਂ ਦੀ ਮੀਟਿੰਗ ’ਚ ਰੱਖੇ ਗਏ ਉਸ ਮਤੇ ਦਾ ਵੀ ਉਹ ਸਮਰਥਨ ਕਰਦੇ ਹਨ ਕਿ ਕਮੇਟੀ ਦੇ ਸਾਰੇ 38 ਮੈਂਬਰਾਂ ਨੂੰ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਇਸ ਨਾਲ ਇਕ ਗੱਲ ਹੋਰ ਜੋੜਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਮੇਟੀ ਦੇ ਪ੍ਰਧਾਨ, ਜਨਰਲ ਸਕੱਤਰ ਸਮੇਤ ਸਾਰੇ ਮੈਂਬਰ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ ਤਾਂ ਉਹ ਮੀਡੀਆ ਦੀ ਹਾਜ਼ਰੀ ਅਤੇ ਵੀਡੀਓਗ੍ਰਾਫੀ ਦਰਮਿਆਨ ਡੋਪ ਟੈਸਟ ਕਰਵਾਉਣਾ ਚਾਹੁੰਦੇ ਹਨ, ਤਾਂ ਜੋ ਕਿਸੇ ਦੋਸ਼ ਦੀ ਕੋਈ ਗੁੰਜਾਇਸ਼ ਨਾ ਰਹੇ। ਉਨ੍ਹਾਂ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੂੰ ਲੰਮੇ ਹੱਥੀਂ ਲੈਂਦਿਆਂ ਅੱਜ ਉਨ੍ਹਾਂ ’ਤੇ ਤਿੱਖੇ ਹਮਲੇ ਕੀਤੇ।
ਦਾਦੂਵਾਲ ਨੇ ਧਮੀਜਾ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਬਾਬਾ ਦਾਦੂਵਾਲ ਨੇ ਕਿਹਾ ਕਿ ਧਮੀਜਾ ਕਮੇਟੀ ਦਾ ਮੈਂਬਰ ਬਣਨ ਲਈ ਸ਼ਰਤਾਂ ਪੂਰੀਆਂ ਵੀ ਨਹੀਂ ਕਰਦੇ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਐਕਟ ਅਨੁਸਾਰ ਕੋਈ ਵੀ ਤਨਖ਼ਾਹ ਲੈਣ ਵਾਲਾ ਮੁਲਾਜ਼ਮ ਕਮੇਟੀ ਦਾ ਮੈਂਬਰ ਨਹੀਂ ਬਣ ਸਕਦਾ, ਜਦਕਿ ਗੁਰਵਿੰਦਰ ਸਿੰਘ ਧਮੀਜਾ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ’ਚ ਡਿਪਟੀ ਡਾਇਰੈਕਟਰ ਹਨ ਅਤੇ 60-70 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈ ਰਹੇ ਹਨ। ਉਨ੍ਹਾਂ ਲੇਖਕ ਡਾ. ਹਰਜਿੰਦਰ ਸਿੰਘ ਦਲਗੀਰ ਦੀ ਵਾਇਰਲ ਹੋਈ ਵੀਡੀਓ ਦਿਖਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਗੁਰਵਿੰਦਰ ਸਿੰਘ ਧਮੀਜਾ ਨੇ ਉਨ੍ਹਾਂ ਵੱਲੋਂ ਲਿਖੀਆਂ ਕਿਤਾਬਾਂ ਨੂੰ ਆਪਣੇ ਨਾਂ ਨਾਲ ਪ੍ਰਕਾਸ਼ਿਤ ਕਰ ਕੇ ਧੋਖਾਧੜੀ ਕੀਤੀ ਹੈ, ਇਸ ’ਤੇ ਵੀ ਧਮੀਜਾ ਨੂੰ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਸਾਰੇ ਦੋਸ਼ ਬੇਬੁਨਿਆਦ : ਧਮੀਜਾ
ਇਨ੍ਹਾਂ ਦੋਸ਼ਾਂ ਬਾਰੇ ਜਦੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਨੂੰ ਸਮਰਪਿਤ ਹੈ। ਜੇਕਰ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਕੋਈ ਹੁਕਮਨਾਮਾ ਜਾਰੀ ਕਰ ਕੇ ਸਾਨੂ ਡੋਪ ਟੈਸਟ ਕਰਵਾਉਣ ਦਾ ਨਿਰਦੇਸ਼ ਦਿੰਦੇ ਹਨ, ਤਾਂ ਉਨ੍ਹਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇਗੀ। ਇਸ ਦੇ ਉਲਟ ਉਨ੍ਹਾਂ ਬਲਜੀਤ ਸਿੰਘ ਦਾਦੂਵਾਲ ਨੂੰ ਕਿਹਾ ਕਿ ਉਹ ਹਰਿਆਣਾ ਕਮੇਟੀ ਦੇ ਮੈਂਬਰ ਹੋ ਕੇ ਵੀ ਇਸ ਨੂੰ ਸਰਕਾਰੀ ਕਮੇਟੀ ਕਹਿ ਕੇ ਬਦਨਾਮ ਕਰ ਰਹੇ ਹਨ। ਧਮੀਜਾ ਨੇ ਬਲਜੀਤ ਸਿੰਘ ਦਾਦੂਵਾਲ ਨੂੰ ਸੁਝਾਅ ਦਿੱਤਾ ਕਿ ਉਹ ਜੋ ਵੀ ਜਾਣਕਾਰੀ ਜਾਂ ਸਵਾਲ ਪੁੱਛਣਾ ਚਾਹੁੰਦੇ ਹਨ, ਉਹ ਲਿਖਤੀ ਰੂਪ ’ਚ ਕਮੇਟੀ ਦੇ ਮੁੱਖ ਦਫ਼ਤਰ ਨੂੰ ਭੇਜਣ, ਉਸ ਦਾ ਲਿਖਤੀ ’ਚ ਜਵਾਬ ਦਿੱਤਾ ਜਾਵੇਗਾ।