ਕਰਨਾਲ: ਕਿਸਾਨਾਂ ਦਾ ਸਕੱਤਰੇਤ ਕੂਚ, ਰਾਕੇਸ਼ ਟਿਕੈਤ ਸਣੇ ਕਈ ਆਗੂਆਂ ਨੂੰ ਪੁਲਸ ਨੇ ਹਿਰਾਸਤ ’ਚ ਲਿਆ
Tuesday, Sep 07, 2021 - 05:52 PM (IST)
ਕਰਨਾਲ— ਹਰਿਆਣਾ ਦੇ ਕਰਨਾਲ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਗੱਲਬਾਤ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਵੱਲ ਕੂਚ ਕੀਤਾ। ਜਿਸ ਤੋਂ ਬਾਅਦ ਪੁਲਸ ਨੇ ਗਿ੍ਰਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਆਗੂ ਯੋਗੇਂਦਰ ਯਾਦਵ ਨੇੇ ਟਵਿੱਟਰ ਹੈਂਡਲ ’ਤੇ ਇਸ ਬਾਬਤ ਜਾਣਕਾਰੀ ਦਿੱਤੀ ਗਈ ਕਿ ਪੁਲਸ ਨੇ ਮੈਨੂੰ, ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਆਗੂਆਂ ਨੂੰ ਨਮਸਤੇ ਚੌਕ ਤੋਂ ਹਿਰਾਸਤ ’ਚ ਲੈ ਲਿਆ ਹੈ। ਦਰਅਸਲ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਹ 7 ਸਤੰਬਰ ਨੂੰ ਮਿੰਨੀ ਸਕੱਤਰੇਤ ਦਾ ਘਿਰਾਓ ਕਰਨਗੇ।
ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ’ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦੇ ਵਿਰੋਧ ’ਚ ਅੱਜ ਕਿਸਾਨ ਕਰਨਾਲ ’ਚ ਮਹਾਪੰਚਾਇਤ ਬੁਲਾਈ। ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਕਰਨਾਲ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਕਰਨਾਲ, ਕੁਰੂਕਸ਼ੇਤਰ, ਪਾਨੀਪਤ, ਕੈਥਲ ਅਤੇ ਜੀਂਦ ਵਿਚ ਇੰਟਰਨੈੱਟ ਬੰਦ ਦਾ ਐਲਾਨ ਕੀਤਾ ਹੈ ਅਤੇ ਧਾਰਾ-144 ਲਾਗੂ ਕੀਤੀ ਗਈ ਹੈ।