ਕਸ਼ਮੀਰ ''ਚ ਐਨਕਾਊਂਟਰ, ਲਸ਼ਕਰ ਦੇ 3 ਅੱਤਵਾਦੀ ਢੇਰ

12/09/2018 1:57:57 PM

ਸ਼੍ਰੀਨਗਰ— ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਸੁਰੱਖਿਆ ਫੋਰਸਾਂ ਨੂੰ ਇਕ ਵੱਡੀ ਕਾਮਯਾਬੀ ਹੱਥ ਲੱਗੀ। ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਇਲਾਕੇ ਮੁਜਗੁੰਡ 'ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲੇ 'ਚ 3 ਅੱਤਵਾਦੀ ਢੇਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੋਇਬਾ ਦੇ ਸਨ। ਹਾਲਾਂਕਿ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਇਹ ਮੁਕਾਬਲਾ ਸ਼ਨੀਵਾਰ ਨੂੰ ਸ਼ੁਰੂ ਹੋਈ ਅਤੇ ਐਤਵਾਰ ਦੀ ਸਵੇਰ ਤੱਕ ਚੱਲੀ।

ਸੂਤਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਸੁਰੱਖਿਆ ਫੋਰਸਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਜਗੁੰਡ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਫੋਰਸਾਂ ਨੂੰ ਕੋਲ ਆਉਂਦਾ ਦੇਖ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸੇ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਗੋਲੀਬਾਰੀ ਸ਼ੁਰੂ ਹੋ ਗਈ। ਇਸ 'ਚ 5 ਜਵਾਨ ਜ਼ਖਮੀ ਹੋ ਗਏ। ਰਾਤ ਨੂੰ ਗੋਲੀਬਾਰੀ ਬੰਦ ਰਹੀ  ਪਰ ਐਤਵਾਰ ਦੀ ਸਵੇਰ ਇਹ ਫਿਰ ਸ਼ੁਰੂ ਹੋ ਗਈ। ਬਾਅਦ 'ਚ ਸੁਰੱਖਿਆ ਫੋਰਸਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ।

ਇਸ ਕਾਰਵਾਈ ਨੂੰ ਦੇਖਦੇ ਹੋਏ ਰਾਜਧਾਨੀ ਸ਼੍ਰੀਨਗਰ 'ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ 5 ਜ਼ਖਮੀ ਸੁਰੱਖਿਆ ਕਰਮਚਾਰੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਅੱਤਵਾਦੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤਾ ਹੈ।


Related News