ਕਸ਼ਮੀਰ ਦੇ ਇੰਸਪੈਕਟਰ ਜਨਰਲ ਨੇ ਲਗਵਾਇਆ ਪਹਿਲਾ ਕੋਰੋਨਾ ਟੀਕਾ
Thursday, Feb 04, 2021 - 04:58 PM (IST)
ਸ਼੍ਰੀਨਗਰ— ਕਸ਼ਮੀਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਸ ਵਿਜੇ ਕੁਮਾਰ ਨੇ ਹਰ ਤਰ੍ਹਾਂ ਦੇ ਸ਼ੱਕ ਨੂੰ ਦੂਰ ਕਰਨ ਲਈ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਨਾਲ ਲੜਨ ਲਈ ਤਿਆਰ ਕੀਤਾ ਗਿਆ ਕੋਰੋਨਾ ਵਾਇਰਸ ਦਾ ਪਹਿਲਾ ਟੀਕਾ ਲਗਵਾਇਆ। ਉਨ੍ਹਾਂ ਨੇ ਪੁਲਸ ਅਤੇ ਸੁਰੱਖਿਆ ਦਸਤਿਆਂ ਦੇ ਜਵਾਨਾਂ ਨੂੰ ਟੀਕਾ ਲਗਵਾਉਣ ਲਈ ਉਤਸ਼ਾਹਿਤ ਕੀਤਾ। ਵਿਜੇ ਕੁਮਾਰ ਨੇ ਟੀਕਾ ਲਗਵਾਉਣ ਤੋਂ ਬਾਅਦ ਮੀਡੀਆ ਕਾਮਿਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16 ਜਨਵਰੀ ਨੂੰ ਕੋਰੋਨਾ ਮਹਾਮਾਰੀ ਖ਼ਿਲਾਫ਼ ਕੋਰੋਨਾ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਸੀ।
ਇਹ ਟੀਕਾ ਇਕ ਦਮ ਸੁਰੱਖਿਅਤ ਹੈ। ਇਸ ਮੁੰਹਿਮ ਨੂੰ ਕਈ ਪੜਾਵਾਂ ਵਿਚ ਪੂਰਾ ਕੀਤਾ ਜਾਵੇਗਾ ਅਤੇ ਹੁਣ ਦੂਜੇ ਪੜਾਅ ਦੀ ਸ਼ੁਰੂਆਤ ਵੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਵਿਚ ਪੁਲਸ, ਫ਼ੌਜ, ਨੀਮ ਫ਼ੌਜੀ ਦਸਤੇ, ਹੋਰ ਸੁਰੱਖਿਆ ਦਸਤਿਆਂ ਅਤੇ ਨਗਰ ਪਾਲਿਕਾ, ਮਾਲੀਆ ਮਹਿਕਮੇ ਦੇ ਅਧਿਕਾਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਪੁਲਸ ਇੰਸਪੈਕਟਰ ਜਨਰਲ ਨੇ ਕਿਹਾ ਕਿ ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ਼੍ਰੀਨਗਰ ਸਮੇਤ ਕਸ਼ਮੀਰ ਘਾਟੀ ਦੇ ਸਾਰੇ ਜ਼ਿਲਿ੍ਹਆਂ ਵਿਚ ਪੁਲਸ ਕੰਟਰੋਲ ਰੂਮ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਪੁਲਸ ਅਤੇ ਸੁਰੱਖਿਆ ਦਸਤਿਆਂ ਨੂੰ ਬਿਨਾਂ ਸ਼ੰਕਾ ਦੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ। ਲੋਕਾਂ ਨੂੰ ਹਰ ਸਮਾਜਿਕ ਗਤੀਵਿਧੀ ’ਚ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ।