ਮਾਣਹਾਨੀ ਮਾਮਲਾ: ਦਿੱਲੀ ਹਾਈ ਕੋਰਟ ਨੇ ਕੀਤੀ ਕੇਜਰੀਵਾਲ ਦੀ ਪਟੀਸ਼ਨ ਖਾਰਜ

10/31/2017 4:00:10 PM

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਮਾਣਹਾਨੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਦਿੱਤਾ ਹੈ। ਦਰਅਸਲ ਕੋਰਟ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਵੱਲੋਂ ਦਰਜ ਕਰਵਾਏ ਗਏ ਮਾਣਹਾਨੀ ਮਾਮਲੇ 'ਚ ਗਵਾਹਾਂ ਨੂੰ ਤਲੱਬ ਕਰਨ, ਡੀ.ਡੀ.ਸੀ.ਏ. ਦੇ ਦਸਤਾਵੇਜ਼ਾਂ ਨੂੰ ਪੇਸ਼ ਕਰਨ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਹਾਲ ਹੀ 'ਚ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ 'ਚ ਅਰਜ਼ੀ ਦਾਇਰ ਕਰ ਕੇ ਮਾਣਹਾਨੀ ਮਾਮਲੇ 'ਚ ਦਸਤਾਵੇਜ਼ ਪੇਸ਼ ਕਰਨ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਨੇ ਆਪਣੀ ਅਰਜ਼ੀ 'ਚ ਕਿਹਾ ਸੀ ਕਿ ਉਨ੍ਹਾਂ ਨੂੰ ਡੀ.ਡੀ.ਸੀ.ਏ. ਦੇ ਵਿੱਤੀ ਸਾਲ 2012-13, 2013-14 ਅਤੇ 2014-15 ਦੀ ਸਪੈਸ਼ਲ ਆਡਿਟ ਰਿਪੋਰਟ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਬਾਅਦ 'ਚ ਵੀ ਇਸ ਨਾਲ ਜੁੜੇ ਦਸਤਾਵੇਜ਼ ਪੇਸ਼ ਕਰਨ ਦੀ ਮਨਜ਼ੂਰੀ ਮਿਲੇ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਡੀ.ਡੀ.ਸੀ.ਏ. ਦੇ ਸੰਬੰਧ 'ਚ 'ਆਪ' ਮੁਖੀ ਅਤੇ ਹੋਰ ਦੇ ਖਿਲਾਫ ਝੂਠੇ ਬਿਆਨ ਦੇਣ ਦਾ ਦੋਸ਼ ਲਾਉਂਦੇ ਹੋਏ ਹਾਈ ਕੋਰਟ ਤੋਂ ਮਾਣਹਾਨੀ ਲਈ 10 ਕਰੋੜ ਦਾ ਮੁਆਵਜ਼ਾ ਦਿਵਾਏ ਜਾਣ ਦੀ ਮੰਗ ਕੀਤੀ ਹੈ। ਮਾਮਲਾ ਅਜੇ ਹਾਈ ਕੋਰਟ 'ਚ ਵਿਚਾਰ ਅਧੀਨ ਹੈ।