CBSE ਪੇਪਰ ਲੀਕ: ਕੇਜਰੀਵਾਲ ਨੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

03/29/2018 4:58:23 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸੀ.ਬੀ.ਐੱਸ.ਈ. ਪ੍ਰੀਖਿਆ ਦੇ ਪ੍ਰਸ਼ਨ ਪੱਤਰਾਂ ਦੇ ਕਥਿਤ ਤੌਰ 'ਤੇ ਲੀਕ ਹੋਣ ਦੇ ਮਾਮਲੇ 'ਚ ਸ਼ਾਮਲ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਲਈ ਅਫਸੋਸ ਅਤੇ ਦੁੱਖ ਹੈ ਜੋ ਮੁੜ ਪ੍ਰੀਖਿਆ 'ਚ ਬੈਠਣਗੇ। ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ 'ਚ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਖਬਰਾਂ ਦਰਮਿਆਨ ਸੀ.ਬੀ.ਐੱਸ.ਈ. ਨੇ ਬੁੱਧਵਾਰ ਨੂੰ 10ਵੀਂ ਜਮਾਤ ਦੇ ਗਣਿਤ ਅਤੇ 12ਵੀਂ ਜਮਾਤ ਦੇ ਅਰਥ ਸ਼ਾਸਤਰ ਪ੍ਰਸ਼ਨ ਪੱਤਰਾਂ ਦੀ ਮੁੜ ਪ੍ਰੀਖਿਆ ਦਾ ਐਲਾਨ ਕੀਤਾ ਸੀ। 
ਕੇਜਰੀਵਾਲ ਨੇ ਟਵੀਟ ਕੀਤਾ,''ਮੈਨੂੰ ਅਸਲ 'ਚ ਉਨ੍ਹਾਂ ਵਿਦਿਆਰਥੀਆਂ ਲਈ ਅਫਸੋਸ ਅਤੇ ਦੁਖ ਹੈ ਕਿ ਜਿਨ੍ਹਾਂ ਨੂੰ ਬਿਨਾਂ ਕਿਸੇ ਗਲਤੀ ਦੇ ਫਿਰ ਤੋਂ ਪ੍ਰੀਖਿਆ ਦੇਣੀ ਹੋਵੇਗੀ। ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।'' ਇਸ ਤੋਂ ਪਹਿਲਾਂ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸੀ.ਬੀ.ਐੱਸ.ਈ. ਪ੍ਰਸ਼ਨ ਪੱਤਰ ਲੀਕ ਹੋਣ ਦੇ ਮੁੱਦੇ ਨੂੰ 'ਮੰਦਭਾਗੀ' ਦੱਸਿਆ ਸੀ ਅਤੇ ਕਿਹਾ ਸੀ ਕਿ ਅਪਰਾਧੀ ਬਖਸ਼ੇ ਨਹੀਂ ਜਾਣਗੇ। ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਲੀਕ ਮਾਮਲੇ ਦੀ ਜਾਂਚ ਕਰ ਰਹੀ ਹੈ।


Related News