CBI ਦੀ ਅਰਜ਼ੀ ਮਨਜ਼ੂਰ, ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
Saturday, Jun 29, 2024 - 05:17 PM (IST)
ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸੀ.ਬੀ.ਆਈ. ਦੀ ਮੰਗ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਸੀ.ਬੀ.ਆਈ. ਨੇ ਕੇਜਰੀਵਾਲ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਕੇਜਰੀਵਾਲ ਨੂੰ 12 ਜੁਲਾਈ ਨੂੰ ਦੁਪਹਿਰ 2 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਤਿੰਨ ਦਿਨਾਂ ਦੀ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਨੂੰ ਸੀ.ਬੀ.ਆਈ. ਨੇ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਪਹਿਲਾਂ ਕੇਜਰੀਵਾਲ ਨੂੰ ਜੇਲ੍ਹ ਭੇਜਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ ਬਾਅਦ 'ਚ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।
ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੀ ਸਰਕਾਰ ਦੀ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ। 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਹਾਲ ਹੀ 'ਚ ਕੇਜਰੀਵਾਲ ਨੂੰ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਜਿਸ 'ਤੇ ਦਿੱਲੀ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।