ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਕੀਤਾ ਬਰਖ਼ਾਸਤ, ਕੇਜਰੀਵਾਲ ਨੇ ਕਿਹਾ- ਮੈਨੂੰ ਤੁਹਾਡੇ 'ਤੇ ਮਾਣ ਹੈ

05/24/2022 3:03:55 PM

ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਬਰਖ਼ਾਸਤ ਕਰਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਭਗਵੰਤ ਮਾਨ ਦੇ ਇਸ ਕਦਮ 'ਤੇ ਮਾਣ ਜਤਾਇਆ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਰਾਸ਼ਟਰ ਨਾਲ ਧੋਖਾ ਹੈ, ਜਿਸ ਨੂੰ ਉਨ੍ਹਾਂ ਦੀ ਪਾਰਟੀ ਇਜਾਜ਼ਤ ਨਹੀਂ ਦੇਵੇਗੀ। ਇੱਥੇ ਇਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 'ਆਪ' ਇਕ ਅਜਿਹੀ ਪਾਰਟੀ ਹੈ ਜੋ ਇਮਾਨਦਾਰੀ ਦਾ ਪਾਲਣ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਅਹੁਦੇ ਤੋਂ ਹਟਾਇਆ, ਪੁਲਸ ਨੂੰ ਕੇਸ ਦਰਜ ਕਰਨ ਦੇ ਦਿੱਤੇ ਹੁਕਮ

ਕੇਜਰੀਵਾਲ ਨੇ ਕਿਹਾ,''ਜੇਕਰ ਭ੍ਰਿਸ਼ਟਾਚਾਰ 'ਚ ਸ਼ਾਮਲ ਪਾਇਆ ਗਿਆ ਤਾਂ ਅਸੀਂ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਵੀ ਨਹੀਂ ਬਖਸ਼ਾਂਗੇ। ਸਾਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਮਾਣ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਪਾਏ ਗਏ ਮੰਤਰੀ ਨੂੰ ਤੁਰੰਤ ਹਟਾ ਦਿੱਤਾ।'' ਉਨ੍ਹਾਂ ਕਿਹਾ,"ਅਸੀਂ ਦੇਸ਼ ਨੂੰ ਧੋਖਾ ਦੇਣ ਨਾਲੋਂ ਮਰਨਾ ਪਸੰਦ ਕਰਾਂਗੇ।" ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿੰਗਲਾ ਆਪਣੇ ਵਿਭਾਗ ਵਿਚ ਖਰੀਦ ਅਤੇ ਟੈਂਡਰਿੰਗ ਲਈ 'ਇਕ ਫੀਸਦੀ ਕਮਿਸ਼ਨ' ਦੀ ਮੰਗ ਕਰ ਰਹੇ ਸਨ। ਕੇਜਰੀਵਾਲ ਨੇ ਕਿਹਾ ਕਿ ਸਾਲ 2015 'ਚ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਇਸੇ ਤਰ੍ਹਾਂ ਦੀ ਕਾਰਵਾਈ ਕਰਦੇ ਹੋਏ ਆਪਣੇ ਖੁਰਾਕ ਮੰਤਰੀ ਨੂੰ ਹਟਾ ਦਿੱਤਾ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha