ਕੇਰਲ ਜਹਾਜ਼ ਹਾਦਸਾ : ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਵੇਗੀ ਸਰਕਾਰ

08/08/2020 3:46:38 PM

ਕੋਝੀਕੋਡ (ਕੇਰਲ)- ਕੇਰਲ ਦੇ ਕੋਝੀਕੋਡ 'ਚ ਏਅਰ ਇੰਡੀਆ ਐਕਸਪ੍ਰੈੱਸ ਦਾ ਜਹਾਜ਼ ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਕੇਰਲ ਸਰਕਾਰ ਨੇ ਸ਼ਨੀਵਾਰ ਨੂੰ ਇਸ ਹਾਦਸੇ 'ਚ ਮਰਨ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਇੱਥੇ ਉੱਚ ਪੱਧਰੀ ਬੈਠਕ ਤੋਂ ਬਾਅਦ ਕਿਹਾ ਕਿ ਕਰੀਬ 18 ਲੋਕਾਂ ਦੀ ਮੌਤ ਹੋ ਗਈ ਅਤੇ 149 ਦਾ ਮਲਪੁਰਮ ਅਤੇ ਕੋਝੀਕੋਡ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਬੈਠਕ 'ਚ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਵੀ ਹਿੱਸਾ ਲਿਆ। 

ਵਿਜਯਨ ਨੇ ਕਿਹਾ,''ਰਾਜ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਬਤੌਰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਉਨ੍ਹਾਂ ਦਾ ਮੈਡੀਕਲ ਖਰਚ ਰਾਜ ਸਰਕਾਰ ਚੁਕੇਗੀ।'' ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ 18 ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ 'ਚੋਂ 14 ਬਾਲਗ ਅਤੇ 4 ਬੱਚੇ ਹਨ। ਵਿਜਯਨ ਨੇ ਕਿਹਾ,''14 ਬਾਲਗਾਂ 'ਚ 7 ਪੁਰਸ਼ ਅਤੇ ਹੋਰ ਜਨਾਨੀਆਂ ਹਨ। ਇਸ ਸਮੇਂ ਮਲਪੁਰਮ ਅਤੇ ਕੋਝੀਕੋਡ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ 'ਚ 149 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ 'ਚੋਂ 23 ਦੀ ਹਾਲਤ ਗੰਭੀਰ ਹੈ।'' ਉਨ੍ਹਾਂ ਨੇ ਕਿਹਾ,''ਇਸ ਤੋਂ ਪਹਿਲਾਂ 23 ਲੋਕਾਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ।''

DIsha

This news is Content Editor DIsha