ਲਖੀਮਪੁਰ ਖੀਰੀ : ਕਿਸਾਨ ਮੋਰਚਾ ਮ੍ਰਿਤਕ ਕਿਸਾਨਾਂ ਦੀਆਂ ਅਸਥੀਆਂ ਨਾਲ ਦੇਸ਼ ਭਰ ’ਚ ਕੱਢੇਗਾ ਕਲਸ਼ ਯਾਤਰਾ

Wednesday, Oct 13, 2021 - 12:19 PM (IST)

ਨਵੀਂ ਦਿੱਲੀ- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਮੰਗਲਵਾਰ ਨੂੰ ਅਰਦਾਸ ਦਿਵਸ ਮਨਾਇਆ। ਇਸ ਮੌਕੇ ਲਖੀਮਪੁਰ ਖੀਰੀ 'ਚ ਮਾਰੇ ਗਏ 4 ਕਿਸਾਨਾਂ ਅਤੇ ਇਕ ਪੱਤਰਕਾਰ ਦੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਕਸ਼ਮੀਰ 'ਚ ਭਾਰਤੀ ਫ਼ੌਜ ਦੇ ਸ਼ਹੀਦ ਹੋਏ ਜੇ.ਸੀ.ਓ. ਅਤੇ ਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਕਿਸਾਨਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਕਿਸਾਨਾਂ ਨੇ ਇਸ ਦੌਰਾਨ ਭਾਜਪਾ ਸਰਕਾਰ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਸ ਸਰਕਾਰ ਵਿਚ ਨਾ ਤਾਂ ਕਿਸਾਨ ਸੁਰੱਖਿਅਤ ਹਨ ਤੇ ਨਾ ਹੀ ਜਵਾਨ।

PunjabKesari

ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਦੀ ਯਾਦ ’ਚ 16 ਅਕਤੂਬਰ ਨੂੰ ਕਲਸ਼ ਯਾਤਰਾ ਕੱਢੀ ਜਾਵੇਗੀ। ਮ੍ਰਿਤਕ ਕਿਸਾਨਾਂ ਦੀਆਂ ਅਸਥੀਆਂ ਨਾਲ ਕਲਸ਼ ਯਾਤਰਾ ਦੇਸ਼ ਭਰ ’ਚ ਕੱਢੀ ਜਾਵੇਗੀ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇੰਨਾ ਹੀ ਨਹੀਂ, ਕਿਸਾਨ 18 ਅਕਤੂਬਰ ਨੂੰ ਦੇਸ਼ ਭਰ ’ਚ ਰੇਲ ਰੋਕੂ ਅੰਦੋਲਨ ਵੀ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨੇ ਇਕ ਵਾਰ ਫਿਰ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਨਹੀਂ ਕਰਦੀ। ਦੱਸਣਯੋਗ ਹੈ ਕਿ ਕਰੀਬ ਸਾਢੇ 10 ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ 11 ਦੌਰ ਦੀ ਗੱਲਬਾਤ ਦੌਰਾਨ ਕੋਈ ਹੱਲ ਨਹੀਂ ਨਿਕਲਿਆ ਸੀ। 

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ’ਤੇ ਕੱਸਿਆ ਤੰਜ (ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News