ਕੋਲਕਾਤਾ ਕਾਂਡ: ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਪੱਛਮੀ ਬੰਗਾਲ ਸਰਕਾਰ ਦੀ ਅਪੀਲ ਖ਼ਾਰਜ

Friday, Feb 07, 2025 - 11:35 PM (IST)

ਕੋਲਕਾਤਾ ਕਾਂਡ: ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਪੱਛਮੀ ਬੰਗਾਲ ਸਰਕਾਰ ਦੀ ਅਪੀਲ ਖ਼ਾਰਜ

ਕੋਲਕਾਤਾ : ਕਲਕੱਤਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਜੂਨੀਅਰ ਡਾਕਟਰ ਦੇ ਜਬਰ-ਜ਼ਿਨਾਹ ਤੇ ਕਤਲ ਮਾਮਲੇ ਵਿੱਚ ਦੋਸ਼ੀ ਸੰਜੇ ਰਾਏ ਨੂੰ ਹੇਠਲੀ ਅਦਾਲਤ ਦੁਆਰਾ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਦਕਿ ਸੀਬੀਆਈ ਦੀ ਅਜਿਹੀ ਹੀ ਇੱਕ ਪਟੀਸ਼ਨ ਨੂੰ ਸਵੀਕਾਰ ਕਰ ਲਿਆ।

ਸੀਬੀਆਈ ਅਤੇ ਰਾਜ ਸਰਕਾਰ ਦੋਵਾਂ ਨੇ ਇਸ ਕੇਸ ਦੇ ਇਕਲੌਤੇ ਦੋਸ਼ੀ ਸੰਜੇ ਰਾਏ ਨੂੰ ਮੌਤ ਦੀ ਸਜ਼ਾ ਦੇਣ ਲਈ ਹਾਈ ਕੋਰਟ ਵਿੱਚ ਅਪੀਲਾਂ ਦਾਇਰ ਕੀਤੀਆਂ ਸਨ। ਜਸਟਿਸ ਦੇਬਾਂਗਸੂ ਬਾਸਕ ਅਤੇ ਮੁਹੰਮਦ ਸਾਬਰ ਰਸ਼ੀਦੀ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਕਿਉਂਕਿ ਸੀਬੀਆਈ ਨੇ ਜਾਂਚ ਕੀਤੀ ਸੀ ਅਤੇ ਇਸਤਗਾਸਾ ਏਜੰਸੀ ਸੀ, ਇਸ ਲਈ ਸਜ਼ਾ ਦੀ ਮਾਤਰਾ ਨੂੰ ਚੁਣੌਤੀ ਦੇਣ ਵਾਲੀ ਇਸ ਦੀ ਅਪੀਲ ਨੂੰ ਸੁਣਵਾਈ ਲਈ ਦਾਖ਼ਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੋਨੇ ਨੇ ਬਣਾਇਆ ਨਵਾਂ ਰਿਕਾਰਡ, ਜਾਣੋ ਕਿੰਨੀ ਹੋਈ 10 ਗ੍ਰਾਮ Gold ਦੀ ਕੀਮਤ

ਹਾਲਾਂਕਿ ਬੈਂਚ ਨੇ ਸੂਬਾ ਸਰਕਾਰ ਵੱਲੋਂ ਦਾਇਰ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਰਾਜ ਸਰਕਾਰ ਨੇ ਹਾਈ ਕੋਰਟ ਅੱਗੇ ਦਲੀਲ ਦਿੱਤੀ ਸੀ ਕਿ ਕੇਂਦਰੀ ਏਜੰਸੀ ਤੋਂ ਇਲਾਵਾ ਉਹ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਦੀ ਅਯੋਗਤਾ ਦਾ ਦਾਅਵਾ ਕਰਨ ਵਾਲੀ ਅਪੀਲ ਵੀ ਦਾਇਰ ਕਰ ਸਕਦੀ ਹੈ। ਸੀਬੀਆਈ ਨੇ ਬੈਂਚ ਦੇ ਸਾਹਮਣੇ ਦਾਅਵਾ ਕੀਤਾ ਕਿ ਕਿਉਂਕਿ ਉਹ ਮਾਮਲੇ ਦੀ ਜਾਂਚ ਅਤੇ ਮੁਕੱਦਮਾ ਚਲਾਉਣ ਵਾਲੀ ਏਜੰਸੀ ਹੈ, ਇਸ ਲਈ ਉਸ ਨੂੰ ਸਜ਼ਾ ਦੀ ਅਯੋਗਤਾ ਦੇ ਆਧਾਰ 'ਤੇ ਹਾਈ ਕੋਰਟ ਵਿੱਚ ਅਪੀਲ ਕਰਨ ਦਾ ਅਧਿਕਾਰ ਹੈ।

ਦੱਸਣਯੋਗ ਹੈ ਕਿ ਪਿਛਲੇ ਸਾਲ 9 ਅਗਸਤ ਨੂੰ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਰੂਮ ਵਿੱਚ ਡਿਊਟੀ 'ਤੇ ਮੌਜੂਦ ਇੱਕ ਜੂਨੀਅਰ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਫਿਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਨਾਲ ਦੇਸ਼ ਭਰ ਵਿੱਚ ਰੋਸ ਫੈਲ ਗਿਆ ਸੀ। ਘਟਨਾ ਦੇ ਅਗਲੇ ਦਿਨ ਕੋਲਕਾਤਾ ਪੁਲਸ ਨੇ ਦੋਸ਼ੀ ਸੰਜੇ ਰਾਏ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਕਲਕੱਤਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਕੇਂਦਰੀ ਏਜੰਸੀ ਨੇ ਹੇਠਲੀ ਅਦਾਲਤ ਵਿੱਚ 7 ​​ਅਕਤੂਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਅਤੇ 4 ਨਵੰਬਰ ਨੂੰ ਸੰਜੇ ਰਾਏ ਵਿਰੁੱਧ ਦੋਸ਼ ਆਇਦ ਕੀਤੇ ਗਏ। 20 ਜਨਵਰੀ ਨੂੰ ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਸੰਜੇ ਰਾਏ ਨੂੰ ਦੋਸ਼ੀ ਠਹਿਰਾਉਂਦਿਆਂ ਉਸ ਦੇ ਕੁਦਰਤੀ ਜੀਵਨ ਦੇ ਅੰਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਸੀਬੀਆਈ ਅਤੇ ਰਾਜ ਸਰਕਾਰ ਦੋਵਾਂ ਨੇ ਰਾਏ ਦੀ ਸਜ਼ਾ ਨੂੰ ਚੁਣੌਤੀ ਦੇਣ ਅਤੇ ਮੌਤ ਦੀ ਸਜ਼ਾ ਦੀ ਮੰਗ ਕਰਦੇ ਹੋਏ ਕਲਕੱਤਾ ਹਾਈ ਕੋਰਟ ਵਿੱਚ ਵੱਖਰੀਆਂ ਅਪੀਲਾਂ ਦਾਇਰ ਕੀਤੀਆਂ। ਡਿਵੀਜ਼ਨ ਬੈਂਚ ਨੇ 27 ਜਨਵਰੀ ਨੂੰ ਦੋਵਾਂ ਅਪੀਲਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਡਿਵੀਜ਼ਨ ਬੈਂਚ ਦੇ ਪਹਿਲੇ ਨਿਰਦੇਸ਼ਾਂ ਅਨੁਸਾਰ ਪੀੜਤ ਡਾਕਟਰ ਅਤੇ ਦੋਸ਼ੀ ਦੇ ਮਾਪਿਆਂ ਨੂੰ ਉਨ੍ਹਾਂ ਦੇ ਵਕੀਲਾਂ ਦੁਆਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਅਡਾਨੀ ਦੇ ਛੋਟੇ ਬੇਟੇ ਦਾ ਵਿਆਹ ਹੋਇਆ ਸੰਪੰਨ, ਕਰ'ਤਾ 10 ਹਜ਼ਾਰ ਕਰੋੜ ਰੁਪਏ ਦਾਨ ਕਰਨ ਦਾ ਐਲਾਨ!

ਦੂਜੇ ਪਾਸੇ ਜੂਨੀਅਰ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੇ ਮਾਮਲੇ ਵਿੱਚ ਪੀੜਤਾ ਦੇ ਮਾਪਿਆਂ ਵੱਲੋਂ ਸੁਪਰੀਮ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਇਸ ਮਾਮਲੇ ਦੀ ਮੁੜ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਪੀੜਤ ਪਰਿਵਾਰ ਦੀ ਵਕੀਲ ਕਰੁਣਾ ਨੰਦੀ ਨੇ ਸੀਜੇਆਈ ਨੂੰ ਇਸ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੀ ਬੇਨਤੀ ਕੀਤੀ ਹੈ। ਹਾਲਾਂਕਿ, ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਇਸ ਮਾਮਲੇ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਕੇਸ ਦੀ ਸੁਣਵਾਈ ਲਈ ਭਵਿੱਖ ਦੀ ਤਰੀਕ ਤੈਅ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News