ਕੋਲਕਾਤਾ ਜਬਰ-ਜ਼ਨਾਹ ਕਤਲ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਜਾਰੀ : ਸੀ. ਬੀ. ਆਈ.
Wednesday, Oct 16, 2024 - 12:19 AM (IST)
ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਮੰਗਲਵਾਰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਤੇ ਹੱਤਿਆ ਦੇ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ।
ਸੀ. ਬੀ. ਆਈ. ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਅੱਗੇ ਏਜੰਸੀ ਦੀ ਪੰਜਵੀਂ ਸਟੇਟਸ ਰਿਪੋਰਟ ਪੇਸ਼ ਕੀਤੀ।
ਇਸ ਮਾਮਲੇ ਦੇ ਮੁਲਜ਼ਮ ਸੰਜੇ ਰਾਏ ਵਿਰੁੱਧ 7 ਅਕਤੂਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਸਿਆਲਦਾਹ ਦੀ ਅਦਾਲਤ ਨੇ ਇਸ ਦਾ ਨੋਟਿਸ ਲਿਆ ਹੈ।
ਸਿਖਰਲੀ ਅਦਾਲਤ ਨੇ ਕਿਹਾ ਕਿ ਸੀ. ਬੀ. ਆਈ. ਦੀ ਰਿਪੋਰਟ ਦਰਸਾਉਂਦੀ ਹੈ ਕਿ ਏਜੰਸੀ ਜਾਂਚ ਦੇ ਹਿੱਸੇ ਵਜੋਂ ਹੋਰ ਵਿਅਕਤੀ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਅਦਾਲਤ ਨੇ ਸੀ. ਬੀ. ਆਈ. ਤੋਂ ਤਿੰਨ ਹਫ਼ਤਿਆਂ ਅੰਦਰ ਇਕ ਹੋਰ ਸਟੇਟਸ ਰਿਪੋਰਟ ਮੰਗੀ ਹੈ।