ਅੰਗਰੇਜ਼ਾਂ ਦੇ ਜ਼ਮਾਨੇ ''ਚ ਕਿਸਾਨਾਂ ਦੇ ਸ਼ੋਸ਼ਣ ਦੀ ਯਾਦ ਦਿਵਾ ਰਹੀ ਕੇਂਦਰ ਸਰਕਾਰ: ਸ਼ੈਲਜਾ
Monday, Dec 16, 2024 - 03:11 PM (IST)
ਚੰਡੀਗੜ੍ਹ- ਕਾਂਗਰਸ ਜਨਰਲ ਸਕੱਤਰ ਅਤੇ ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਸੋਮਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਜ਼ਿੱਦ ਛੱਡ ਕੇ ਇਸ ਦਿਸ਼ਾ ਵਿਚ ਉੱਚਿਤ ਕਮਦ ਚੁੱਕਣਾ ਚਾਹੀਦਾ ਹੈ। ਸ਼ੈਲਜਾ ਨੇ ਇੱਥੇ ਜਾਰੀ ਬਿਆਨ ਵਿਚ ਦੋਸ਼ ਲਾਇਆ ਕਿ ਡੱਲੇਵਾਲ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਖੁੱਲ੍ਹੀ ਚਿੱਠੀ ਲਿਖ ਕੇ ਘੱਟੋ-ਘੱਟ ਸਮਰਥਨ ਮੁੱਲ (MSP) ਗਾਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਚੁੱਕ ਚੁੱਕੇ ਹਨ।
ਸ਼ੈਲਜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੀ ਨਹੀਂ ਹਨ। ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੇ ਬਾਰਡਰ ਨੂੰ ਭਾਰਤ-ਪਾਕਿਸਤਾਨ ਦਾ ਬਾਰਡਰ ਬਣਾ ਕੇ ਰੱਖ ਦਿੱਤਾ ਹੈ। ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਉੱਪਰ ਪਾਣੀ ਦੀਆਂ ਵਾਛੜਾਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਮੋਦੀ ਸਰਕਾਰ ਨੇ ਹੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਨੂੰ ਕਿਸਾਨਾਂ ਨਾਲ MSP ਲਾਗੂ ਕਰਨ ਸਮੇਤ ਤਮਾਮ ਵਾਅਦੇ ਕਰ ਕੇ ਖ਼ਤਮ ਕਰਵਾਇਆ ਸੀ ਪਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਭੁੱਲ ਗਈ।
ਕਾਂਗਰਸੀ ਆਗੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸਦਨ ਤੱਕ ਲੜ ਰਹੀ ਹੈ, ਜਦਕਿ ਭਾਜਪਾ ਕਿਸਾਨਾਂ ਦੀ ਬਜਾਏ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣ ਵਿਚ ਲੱਗੀ ਹੋਈ ਹੈ। ਸ਼ੈਲਜਾ ਨੇ ਦੋਸ਼ ਲਗਾਇਆ ਕਿ ਹਰਿਆਣਾ ਸਰਕਾਰ ਦਾ ਕਿਸਾਨਾਂ 'ਤੇ ਬੇਰਹਿਮੀ ਦਾ ਕੰਮ ਤਾਨਾਸ਼ਾਹੀ, ਅਣਮਨੁੱਖੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਨਸਾਫ਼ ਦੀ ਦੁਹਾਈ ਤੋਂ ਡਰੀ ਮੋਦੀ ਸਰਕਾਰ ਜਿਸ ਤਰ੍ਹਾਂ ਕਿਸਾਨਾਂ ਨਾਲ ਸਲੂਕ ਕਰ ਰਹੀ ਹੈ, ਉਹ ਅੰਗਰੇਜ਼ਾਂ ਦੇ ਰਾਜ ਦੌਰਾਨ ਕਿਸਾਨਾਂ ਦੇ ਹੋਏ ਸ਼ੋਸ਼ਣ ਦੀ ਯਾਦ ਦਿਵਾਉਂਦਾ ਹੈ।