ਲਖੀਮਪੁਰ ਖੀਰੀ ਮਾਮਲਾ: ਅਦਾਲਤ ਨੇ UP ਪੁਲਸ ਤੋਂ ਮੰਗੀ ਰਿਪੋਰਟ

Monday, Jan 20, 2025 - 01:04 PM (IST)

ਲਖੀਮਪੁਰ ਖੀਰੀ ਮਾਮਲਾ: ਅਦਾਲਤ ਨੇ UP ਪੁਲਸ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਪੁਲਸ ਤੋਂ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ਾਂ 'ਤੇ ਰਿਪੋਰਟ ਮੰਗੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੀ ਬੈਂਚ ਨੇ ਲਖੀਮਪੁਰ ਖੀਰੀ ਦੇ SP ਨੂੰ ਤੱਥਾਂ ਦੀ ਜਾਂਚ ਤੋਂ ਬਾਅਦ ਅਦਾਲਤ 'ਚ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਿਸ਼ਰਾ ਨੇ ਆਪਣੇ ਹਲਫਨਾਮੇ 'ਚ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਜਦੋਂ ਵੀ ਅਦਾਲਤ ਦੇ ਸਾਹਮਣੇ ਮਾਮਲਾ ਦਰਜ ਸੂਚੀਬੱਧ ਹੁੰਦਾ ਹੈ ਤਾਂ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਲਈ ਅਜਿਹੇ ਦਾਅਵੇ ਕੀਤੇ ਜਾਂਦੇ ਹਨ। ਸ਼ਿਕਾਇਤਕਰਤਾਵਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਕੇਸ ਦੇ ਮੁੱਖ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਦੀ 'ਆਡੀਓ ਰਿਕਾਰਡਿੰਗ' ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮਿਸ਼ਰਾ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਕੇ ਇਕ ਜਨਤਕ ਮੀਟਿੰਗ 'ਚ ਹਿੱਸਾ ਲਿਆ ਸੀ।

ਓਧਰ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਭੂਸ਼ਣ ਦੀ ਦਲੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਜਨਤਕ ਮੀਟਿੰਗ ਵਾਲੇ ਦਿਨ ਉਨ੍ਹਾਂ ਦਾ ਮੁਵੱਕਿਲ ਦਿੱਲੀ 'ਚ ਲੋਕ ਸਭਾ ਸਕੱਤਰੇਤ 'ਚ ਸੀ। ਬੈਂਚ ਨੇ ਭੂਸ਼ਣ ਅਤੇ ਦਵੇ ਨੂੰ ਆਪਣੀ ਸਮੱਗਰੀ ਉੱਤਰ ਪ੍ਰਦੇਸ਼ ਸਰਕਾਰ ਦੀ ਸਥਾਈ ਵਕੀਲ ਰੁਚਿਰਾ ਗੋਇਲ ਨੂੰ ਸੌਂਪਣ ਲਈ ਕਿਹਾ, ਤਾਂ ਜੋ ਇਸ ਨੂੰ ਲਖੀਮਪੁਰ ਖੀਰੀ ਦੇ SP ਨੂੰ ਸੌਂਪਿਆ ਜਾ ਸਕੇ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਪਿਛਲੇ ਸਾਲ 22 ਜੁਲਾਈ ਨੂੰ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ।

ਕੀ ਹੈ ਪੂਰਾ ਮਾਮਲਾ?
 3 ਅਕਤੂਬਰ, 2021 ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿਚ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦੇ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਸਪੋਰਟਸ ਯੂਟੀਲਿਟੀ ਵਹੀਕਲ (SUV) ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਕਥਿਤ ਤੌਰ 'ਤੇ ਡਰਾਈਵਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਵਰਕਰਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ।


 


author

Tanu

Content Editor

Related News