ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ’ਤੇ UP ਸਰਕਾਰ ਨੂੰ SC ਦਾ ਨੋਟਿਸ
Tuesday, Sep 06, 2022 - 05:53 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਨਾਲ ਜੁੜੇ ਇਕ ਮਾਮਲੇ ’ਚ ਆਸ਼ੀਸ਼ ਮਿਸ਼ਰਾ ਵਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ‘ਟੇਨੀ’ ਦੇ ਪੁੱਤਰ ਹਨ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮੁੱਖ ਦੋਸ਼ੀ ਹਨ।
ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਅਰਜ਼ੀ ’ਤੇ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਐੱਮ. ਐੱਮ. ਸੁੰਦਰੇਸ਼ ਦੀ ਬੈਂਚ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਖ 26 ਸਤੰਬਰ ਤੈਅ ਕੀਤੀ।
ਕੀ ਹੈ ਪੂਰਾ ਮਾਮਲਾ-
ਦਰਅਸਲ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰ ਦੇ ਵਿਰੋਧ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹਿੰਸਾ ਹੋਈ ਸੀ, ਇਸ ’ਚ 8 ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਪੁਲਸ ਵਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਮੁਤਾਬਕ ਘਟਨਾ ’ਚ 4 ਕਿਸਾਨਾਂ ਦੀ ਇਕ SUV ਦੇ ਹੇਠਾਂ ਕੁਚਲ ਕੇ ਮੌਤ ਹੋ ਗਈ ਸੀ, ਜਿਸ ’ਚ ਆਸ਼ੀਸ਼ ਮਿਸ਼ਰਾ ਬੈਠੇ ਹੋਏ ਸਨ।
ਇਸ ਘਟਨਾ ਮਗਰੋਂ ਗੁੱਸੇ ’ਚ ਆਏ ਕਿਸਾਨਾਂ ਨੇ ਵਾਹਨ ਚਾਲਕ ਅਤੇ ਭਾਜਪਾ ਦੇ ਦੋ ਵਰਕਰਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਸੀ। ਕੇਂਦਰ ਦੇ ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਅਤੇ ਵਿਰੋਧੀ ਧਿਰਾਂ ਦੇ ਪ੍ਰਦਰਸ਼ਨ ਮਗਰੋਂ ਹੋਈ ਹਿੰਸਾ ’ਚ ਪੱਤਰਕਾਰ ਦੀ ਵੀ ਮੌਤ ਹੋਈ ਸੀ।