ਲਖੀਮਪੁਰ ਖੀਰੀ ਹਿੰਸਾ ਮਾਮਲਾ: SC ਨੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ਾਂ ’ਤੇ ਆਸ਼ੀਸ਼ ਮਿਸ਼ਰਾ ਤੋਂ ਮੰਗਿਆ ਜਵਾਬ

Thursday, Nov 28, 2024 - 12:01 PM (IST)

ਲਖੀਮਪੁਰ ਖੀਰੀ ਹਿੰਸਾ ਮਾਮਲਾ: SC ਨੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ਾਂ ’ਤੇ ਆਸ਼ੀਸ਼ ਮਿਸ਼ਰਾ ਤੋਂ ਮੰਗਿਆ ਜਵਾਬ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 2021 ਦੇ ਲਖੀਮਪੁਰ ਖੀਰੀ ਦੇ ਹਿੰਸਾ ਮਾਮਲੇ ’ਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਦਾ ਬੁੱਧਵਾਰ ਨਿਰਦੇਸ਼ ਦਿੱਤਾ। ਉਕਤ ਹਿੰਸਾ ’ਚ 8 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੂੰ ਦੋਸ਼ਾਂ ਨੂੰ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਇਸ ਦੌਰਾਨ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਵੀ ਅਜਿਹੇ ਮਾਮਲੇ ਅਦਾਲਤ ਕੋਲ ਆਉਂਦੇ ਹਨ ਤਾਂ ਹਰ ਵਾਰ ਅਜਿਹੇ ਦੋਸ਼ ਹੀ ਲੱਗਦੇ ਹਨ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਦਿਆਂ ਉਸ ਨੂੰ ਦਿੱਲੀ ਜਾਂ ਲਖਨਊ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਸੀ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਸੁਪਰੀਮ ਕੋਰਟ ਨੇ 25 ਜਨਵਰੀ 2023 ਨੂੰ ਅਸ਼ੀਸ਼ ਮਿਸ਼ਰਾ ਨੂੰ ਅੱਠ ਹਫ਼ਤਿਆਂ ਲਈ ਕੁਝ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਬਾਅਦ ਵਿਚ ਜ਼ਮਾਨਤ ਦੇ ਸਮੇਂ ਨੂੰ ਵਧਾਇਆ ਗਿਆ ਸੀ। ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਸੀ। 

ਜ਼ਿਕਰਯੋਗ ਹੈ ਕਿ ਤਿਕੋਨੀਆ-ਬਨਬੀਰਪੁਰ ਮਾਰਗ ਉੱਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦੋ ਐੱਸਯੂਵੀ ਵਾਹਨਾਂ ਰਾਹੀਂ ਦਰੜ ਦਿੱਤਾ ਗਿਆ ਸੀ ਤੇ ਇਹ ਦੋਸ਼ ਅਸ਼ੀਸ਼ ਮਿਸ਼ਰਾ ’ਤੇ ਲੱਗੇ ਸਨ। ਇਸ ਘਟਨਾ ਵਿਚ ਕਈ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।


author

Tanu

Content Editor

Related News