ਲਖੀਮਪੁਰ ਖੀਰੀ ਮਾਮਲਾ: ਮ੍ਰਿਤਕ ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਸੰਗਤ ਨੇ ਸਾਰੀ ਰਾਤ ਕੀਤਾ ਵਾਹਿਗੁਰੂ ਦਾ ਜਾਪ (ਵੀਡੀਓ)
Monday, Oct 04, 2021 - 12:44 PM (IST)
ਲਖਨਊ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ ’ਚ ਕਿਸਾਨ ਰਾਤ ਤੋਂ ਹੀ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਸੰਗਤ ਮ੍ਰਿਤਕ ਕਿਸਾਨਾਂ ਦੀ ਲਾਸ਼ਾਂ ਕੋਲ ਪੂਰੀ ਰਾਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਰਹੇ। ਕਿਸਾਨ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਦੋਂ ਤੱਕ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ, ਜਦੋਂ ਕਿ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਜਾਂਦੀ।
ਇਹ ਵੀ ਪੜ੍ਹੋ : ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਨਹੀਂ ਕਰਾਂਗੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ : ਰਾਕੇਸ਼ ਟਿਕੈਤ
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਤਿਕੋਨੀਆ-ਬਨਬੀਰਪੁਰ ਸੜਕ 'ਤੇ ਵਾਪਰੀ। ਉਪ ਮੁੱਖ ਮੰਤਰੀ ਨੂੰ ਘਟਨਾ ਸਥਾਨ 'ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ 'ਤੇ ਟੱਕਰ ਮਾਰਨ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਦੋਹਾਂ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿਚ 4 ਕਿਸਾਨਾਂ ਅਤੇ ਵਾਹਨਾਂ ਵਿਚ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ। ਕਿਸਾਨ ਮੌਰੀਆ ਦੀ ਬਨਬੀਰਪੁਰ ਫੇਰੀ ਦਾ ਵਿਰੋਧ ਕਰ ਰਹੇ ਸਨ, ਜੋ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ