''INDIA'' ਗਠਜੋੜ ਦੇ ਨੇਤਾਵਾਂ ਨੇ ਸਿਹਤ, ਜੀਵਨ ਬੀਮਾ ''ਤੇ GST ਖਿਲਾਫ਼ ਕੀਤਾ ਪ੍ਰਦਰਸ਼ਨ

Tuesday, Aug 06, 2024 - 11:50 AM (IST)

''INDIA'' ਗਠਜੋੜ ਦੇ ਨੇਤਾਵਾਂ ਨੇ ਸਿਹਤ, ਜੀਵਨ ਬੀਮਾ ''ਤੇ GST ਖਿਲਾਫ਼ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਯਾਨੀ ਕਿ ਮੰਗਲਵਾਰ ਨੂੰ 12ਵਾਂ ਦਿਨ ਹੈ। ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 'ਇੰਡੀਆ' ਗਠਜੋੜ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਉਹ ਜੀਵਨ ਬੀਮਾ ਅਤੇ ਸਿਹਤ ਬੀਮਾ ਨੂੰ ਵਸਤੂ ਅਤੇ ਸੇਵਾਵਾਂ ਟੈਕਸ (GST) ਦੇ ਦਾਇਰੇ ਤੋਂ ਬਾਹਰ ਕਰਨ ਦੀ ਮੰਗ ਕਰ ਰਹੇ ਹਨ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ 'ਮਕਰ ਦੁਆਰ' ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥਾਂ 'ਚ ਤਖ਼ਤੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ, ਜਿਨ੍ਹਾਂ 'ਤੇ ਸਿਹਤ ਬੀਮਾ ਅਤੇ ਜੀਵਨ ਬੀਮਾ ਤੋਂ GST ਖ਼ਤਮ ਕਰਨ ਦੀ ਮੰਗ ਲਿਖੀ ਹੋਈ ਸੀ। ਉਨ੍ਹਾਂ ਨੇ 'GST ਖ਼ਤਮ ਕਰੋ' ਦੇ ਨਾਅਰੇ ਵੀ ਲਾਏ। 

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਸਮਾਜਵਾਦੀ ਪਾਰਟੀ, ਤ੍ਰਿਣਮੂਲ ਕਾਂਗਰਸ, ਸ਼ਿਵਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਝਾਰਖੰਡ ਮੁਕਤੀ ਮੋਰਚਾ ਅਤੇ ਕੁਝ ਹੋਰ ਪਾਰਟੀਆਂ ਦੇ ਸੰਸਦ ਮੈਂਬਰ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ। ਕਾਂਗਰਸ ਨੇਤਾ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਇਹ ਸਰਕਾਰ ਕਫ਼ਨ ਟੈਕਸ ਲਾ ਰਹੀ ਹੈ, ਇਹ ਬਹੁਤ ਵੱਡੀ ਲੁੱਟ ਹੈ। ਇਸ ਖਿਲਾਫ਼ 'ਇੰਡੀਆ' ਗਠਜੋੜ ਪੁਰਜ਼ੋਰ ਵਿਰੋਧ ਕਰੇਗਾ। ਪਿਛਲੇ ਦਿਨੀਂ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਸ ਮੁੱਦੇ ਨੂੰ ਸੰਸਦ ਵਿਚ ਚੁੱਕਿਆ ਸੀ ਅਤੇ ਪਾਰਟੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਮਾਮਲੇ 'ਤੇ ਨਿਰਮਲਾ ਸੀਤਾਰਮਨ ਨੂੰ ਚਿੱਠੀ ਵੀ ਲਿਖੀ ਸੀ। ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨੇ ਵੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜੀਵਨ ਬੀਮਾ ਅਤੇ ਸਿਹਤ ਬੀਮੇ ਦੇ ਪ੍ਰੀਮੀਅਮਾਂ 'ਤੇ 18 ਫ਼ੀਸਦੀ GST ਹਟਾਉਣ ਦੀ ਬੇਨਤੀ ਕੀਤੀ ਹੈ। 


author

Tanu

Content Editor

Related News