ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੇ ਪ੍ਰਸਤਾਵ ਨੂੰ ਮੰਤਰੀ ਮੰਡਲ ਨੇ ਕੀਤਾ ਪਾਸ, ਉਪ ਰਾਜਪਾਲ ਵੱਲੋਂ ਪੁਸ਼ਟੀ
Sunday, Oct 20, 2024 - 12:42 AM (IST)
ਸ੍ਰੀਨਗਰ/ਜੰਮੂ, (ਉਦੇ)- ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ’ਚ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੇ ਪ੍ਰਸਤਾਵ ਨੂੰ ਪਾਸ ਕਰ ਕੇ ਪੁਸ਼ਟੀ ਲਈ ਉਪ ਰਾਜਪਾਲ ਕੋਲ ਭੇਜਿਆ ਗਿਆ। ਦੱਸਿਆ ਜਾਂਦਾ ਹੈ ਕਿ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਕੈਬਨਿਟ ਵੱਲੋਂ ਪਾਸ ਕੀਤੇ ਪ੍ਰਸਤਾਵ ਦੀ ਪੁਸ਼ਟੀ ਕਰ ਦਿੱਤੀ ਹੈ।
ਹੁਣ ਇਹ ਪ੍ਰਸਤਾਵ ਕੇਂਦਰ ਸਰਕਾਰ ਨੂੰ ਪ੍ਰਵਾਣਗੀ ਲਈ ਭੇਜਿਆ ਜਾਵੇਗਾ ਤਾਂ ਜੋ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਹੋ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇਗਾ।
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ’ਚ ਸੂਬੇ ਦੀ ਸਥਿਤੀ ਨੂੰ ਇਸ ਦੇ ਅਸਲੀ ਰੂਪ ’ਚ ਬਹਾਲ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।
ਸੂਬੇ ਦਾ ਦਰਜਾ ਬਹਾਲ ਹੋਣ ਨਾਲ ਇਕ ਸੁਧਾਰ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ ਜਿਸ ਨਾਲ ਜੰਮੂ-ਕਸ਼ਮੀਰ ਦੇ ਲੋਕ ਸੰਵਿਧਾਨਕ ਅਧਿਕਾਰਾਂ ਨੂੰ ਮੁੜ ਹਾਸਲ ਕਰ ਸਕਣਗੇ।
ਮੰਤਰੀ ਮੰਡਲ ਨੇ ਸੂਬੇ ਦਾ ਦਰਜਾ ਬਹਾਲ ਕਰਨ ਲਈ ਮੁੱਖ ਮੰਤਰੀ ਨੂੰ ਇਹ ਮਾਮਲਾ ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਕੋਲ ਉਠਾਉਣ ਲਈ ਅਧਿਕਾਰਤ ਕੀਤਾ। ਜੰਮੂ-ਕਸ਼ਮੀਰ ਦੀ ਵਿਲੱਖਣ ਪਛਾਣ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਨਵੀਂ ਚੁਣੀ ਗਈ ਸਰਕਾਰ ਦੀ ਪਹਿਲ ਹੋਵੇਗੀ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਇਸ ਸਬੰਧ ’ਚ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀਆਂ ਨੂੰ ਮਿਲਣ ਲਈ ਜਲਦੀ ਨਵੀਂ ਦਿੱਲੀ ਜਾਣਗੇ।
ਇਸ ਦੌਰਾਨ ਉਪ ਰਾਜਪਾਲ ਨੇ ਮੁਬਾਰਿਕ ਗੁਲ ਨੂੰ ਸਪੀਕਰ ਦੀ ਚੋਣ ਹੋਣ ਤੱਕ ਪ੍ਰੋਟੈਮ ਸਪੀਕਰ ਨਿਯੁਕਤ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਹ 21 ਅਕਤੂਬਰ ਨੂੰ ਵਿਧਾਨ ਸਭਾ ਦੇ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣਗੇ।