ਲਾਲ ਕ੍ਰਿਸ਼ਨ ਅਡਵਾਨੀ ਦਿੱਲੀ ਦੇ ਅਪੋਲੋ ਹਸਪਤਾਲ ''ਚ ਦਾਖ਼ਲ

Tuesday, Aug 06, 2024 - 03:01 PM (IST)

ਲਾਲ ਕ੍ਰਿਸ਼ਨ ਅਡਵਾਨੀ ਦਿੱਲੀ ਦੇ ਅਪੋਲੋ ਹਸਪਤਾਲ ''ਚ ਦਾਖ਼ਲ

ਨਵੀਂ ਦਿੱਲੀ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮੰਗਲਵਾਰ ਯਾਨੀ ਕਿ ਅੱਜ ਦਿੱਲੀ ਦੇ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰ ਦੱਸਦੇ ਹਨ ਕਿ ਅਡਵਾਨੀ ਦੀ ਹਾਲਤ ਸਥਿਰ ਹੈ ਅਤੇ ਉਹ ਖਾਸ ਤੌਰ 'ਤੇ ਨਿਊਰੋਲੋਜਿਸਟ ਡਾ. ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਹਨ। ਹਸਪਤਾਲ ਦੇ ਇਕ ਸੂਤਰ ਨੇ ਦੱਸਿਆ ਕਿ 96 ਸਾਲਾ ਅਡਵਾਨੀ ਨੂੰ ਅੱਜ ਇੱਥੇ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। 

ਦੱਸ ਦੇਈਏ ਕਿ ਜੁਲਾਈ ਦੇ ਪਹਿਲੇ ਹਫ਼ਤੇ ਵੀ ਅਡਵਾਨੀ ਨੂੰ ਇਸੇ ਹਸਪਤਾਲ 'ਚ ਲਿਆਂਦਾ ਗਿਆ ਸੀ ਅਤੇ ਕੁਝ ਦਿਨਾਂ ਤੱਕ ਨਿਗਰਾਨੀ ਵਿਚ ਰੱਖਣ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਅਡਵਾਨੀ ਨੂੰ ਡਾਕਟਰ ਵਿਨੀਤ ਸੂਰੀ, ਸੀਨੀਅਰ ਸਲਾਹਕਾਰ, ਨਿਊਰੋਲੋਜੀ ਵਿਭਾਗ ਦੇ ਅਧੀਨ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉੱਥੇ ਰਾਤ ਭਰ ਰੁਕਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ।

ਦੱਸਣਯੋਗ ਹੈ ਕਿ 2002 ਤੋਂ 2004 ਤੱਕ ਭਾਰਤ ਦੇ ਉਪ ਪ੍ਰਧਾਨ ਮੰਤਰੀ ਅਤੇ 1999 ਤੋਂ 2004 ਤੱਕ ਕੇਂਦਰੀ ਗ੍ਰਹਿ ਮੰਤਰੀ ਵਜੋਂ ਸੇਵਾ ਨਿਭਾਉਣ ਵਾਲੇ ਅਡਵਾਨੀ ਨੂੰ ਮਾਰਚ ਵਿਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਪੁਰਸਕਾਰ ਸਮਾਰੋਹ ਉਨ੍ਹਾਂ ਦੀ ਰਿਹਾਇਸ਼ 'ਤੇ ਆਯੋਜਿਤ ਕੀਤਾ ਗਿਆ ਅਤੇ ਇਸ ਵਿਚ ਰਾਸ਼ਟਰਪਤੀ ਦ੍ਰੌਪਤੀ ਮੁਰਮੂ, ਉਪ-ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਡਵਾਨੀ ਦੇ ਪਰਿਵਾਰ ਮੌਜੂਦ ਸਨ।


author

Tanu

Content Editor

Related News