ਵੱਡੀ ਖ਼ਬਰ: ਲੋਕ ਸਭਾ ’ਚ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ

Monday, Nov 29, 2021 - 12:25 PM (IST)

ਨਵੀਂ ਦਿੱਲੀ— ਅੱਜ ਯਾਨੀ ਕਿ ਸੋਮਵਾਰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ ਜੋ ਕਿ 23 ਦਸੰਬਰ ਤੱਕ ਚੱਲੇਗਾ। ਲੋਕ ਸਭਾ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ, 2021 ਪੇਸ਼ ਕੀਤਾ। ਤਿੰਨੋਂ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਬਿੱਲ ਨੂੰ ਬਿਨਾਂ ਬਹਿਸ ਦੇ ਪਾਸ ਕੀਤਾ ਗਿਆ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਆਵਾਜ਼ ਮਤ ਨਾਲ ਬਿੱਲ ਪਾਸ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਸੰਸਦ ਦਾ ਸਰਦ ਰੁੱਤ ਸੈਸ਼ਨ: PM ਮੋਦੀ ਬੋਲੇ- ‘ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ’

ਲੋਕ ਸਭਾ ’ਚ ਮੁੱਖ ਵਿਰੋਧੀ ਦਲ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਸਦਨ ਵਿਚ ਬਿੱਲ ’ਤੇ ਚਰਚਾ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸਦਨ ਦੇ ਨਿਯਮ ਕਾਇਦਿਆਂ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਪਹਿਲਾਂ ਵੀ ਕਾਨੂੰਨਾਂ ਨੂੰ ਰੱਦ ਕਰਨ ਲਈ ਲਿਆਂਦੇ ਗਏ ਬਿੱਲ ’ਤੇ ਚਰਚਾ ਹੁੰਦੀ ਰਹੀ ਹੈ ਪਰ ਹੁਣ ਚਰਚਾ ਨਹੀਂ ਕਰਵਾਈ ਜਾ ਰਹੀ ਹੈ। ਇਸ ’ਤੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ ਦੇ ਹਾਲਾਤ ਚਰਚਾ ਲਈ ਬਣਾਏ ਬਿਨਾਂ ਅਜਿਹਾ ਕਰਨਾ ਸੰਭਵ ਨਹੀਂ ਹੈ। ਇਸ ਦੇ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ

ਦੱਸ ਦੇਈਏ ਕਿ ਅੱਜ ਸਵੇਰੇ ਕਰੀਬ 11 ਵਜੇ ਸੰਸਦ ਸ਼ੁਰੂ ਹੁੰਦੇ ਹੀ ਮਹਿਜ 12 ਮਿੰਟ ਬਾਅਦ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਦੁਪਹਿਰ 12 ਵਜੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ। ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਨੇੇ ਮੁੜ ਹੰਗਾਮਾ ਕੀਤਾ। ਹੰਗਾਮੇ ਦੌਰਾਨ ਹੀ ਲੋਕ ਸਭਾ ’ਚ ਖੇਤੀ ਕਾਨੂੰਨ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ : ਕਿਸਾਨ ਮੁੱਦੇ ’ਤੇ ਸੰਸਦ ਦੇ ਬਾਹਰ ਕਾਂਗਰਸ ਦਾ ਹੱਲਾ-ਬੋਲ, ਕਿਸਾਨਾਂ ਨਾਲ ਨਿਆਂ ਕਰੋ ਦੇ ਲਾਏ ਨਾਅਰੇ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ 2021 ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਪ੍ਰਧਾਨ ਮੰਤਰੀ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਮਗਰੋਂ ਬਿੱਲ ਨੂੰ ਕੇਂਦਰੀ ਕੈਬਨਿਟ ਦੀ ਮਨਜ਼ੂਰੀ ਪ੍ਰਦਾਨ ਕੀਤੀ ਸੀ। ਇਸ ਐਲਾਨ ਮਗਰੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ ਅਤੇ ਉਹ ਐੱਮ. ਐੱਸ. ਪੀ. ’ਤੇ ਗਰੰਟੀ ਕਾਨੂੰਨ ਸਮੇਤ ਕੁਝ ਹੋਰ ਮੰਗਾਂ ’ਤੇ ਅੜੇ ਹੋਏ ਹਨ। ਜਦਕਿ ਵਿਰੋਧੀ ਧਿਰ ਬਿੱਲ ’ਤੇ ਚਰਚਾ ਦੀ ਮੰਗ ਕਰ ਰਿਹਾ ਹੈ।


Tanu

Content Editor

Related News