ਲੋਕ ਸਭਾ ’ਚ ਵਿਰੋਧੀ ਧਿਰ ਦਾ ਭਾਰੀ ਹੰਗਾਮਾ, ਭਲਕੇ 11 ਵਜੇ ਤੱਕ ਲਈ ਕਾਰਵਾਈ ਮੁਲਤਵੀ
Monday, Nov 29, 2021 - 03:13 PM (IST)
ਨਵੀਂ ਦਿੱਲੀ (ਭਾਸ਼ਾ)— ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ’ਚ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿੱਲ 2021 ਨੂੰ ਬਿਨਾਂ ਚਰਚਾ ਦੇ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਗਈ। ਹਾਲਾਂਕਿ ਇਸ ਬਿੱਲ ’ਤੇ ਚਰਚਾ ਦੀ ਮੰਗ ਕਰਦੇ ਹੋਏ ਵਿਰੋਧੀ ਧਿਰ ਨੇ ਭਾਰੀ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਲੋਕ ਸਭਾ ’ਚ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ
ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਮੁੜ ਸ਼ੁਰੂ ਹੋਣ ਦੇ ਕੁਝ ਮਿੰਟਾਂ ਬਾਅਦ ਹੀ ਮੰਗਲਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਰੌਲੇ-ਰੱਪੇ ਦੇ ਚੱਲਦੇ ਦੋ ਵਾਰ ਮੁਲਤਵੀ ਤੋਂ ਬਾਅਦ ਸਦਨ ਨੂੰ ਦੁਪਹਿਰ 2 ਵਜ ਕੇ ਕਰੀਬ 5 ਮਿੰਟ ’ਤੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਸੈਸ਼ਨ ਦੇ ਪਹਿਲੇ ਦਿਨ ਸਦਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਰਹੇ। ਉਨ੍ਹਾਂ ਤੋਂ ਇਲਾਵਾ ਸਦਨ ਦੇ ਉੱਪ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਕਈ ਨੇਤਾ ਪਹਿਲੇ ਦਿਨ ਸਦਨ ਪਹੁੰਚੇ ਸਨ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਹੋਣ ’ਤੇ ਰਾਕੇਸ਼ ਟਿਕੈਤ ਖੁਸ਼, ਦੱਸੀ ਅੰਦੋਲਨ ਦੀ ਅਗਲੀ ਰਣਨੀਤੀ
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿੱਲ ਪੇਸ਼ ਕੀਤਾ। ਇਸ ਤੋਂ ਤੁਰੰਤ ਬਾਅਦ ਕਾਂਗਰਸ ਸਮੇਤ ਵਿਰੋਧੀ ਧਿਰਾਂ ਨੇ ਬਿੱਲ ’ਤੇ ਚਰਚਾ ਕਰਾਉਣ ਦੀ ਮੰਗ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਨੂੰ ਮਨਜ਼ੂਰੀ ਨਾ ਦਿੰਦੇ ਹੋਏ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ ਵਿਚ ਵਿਵਸਥਾ ਨਹੀਂ ਹੈ। ਰੌਲੇ-ਰੱਪੇ ਵਿਚ ਹੀ ਬਿਨਾਂ ਚਰਚਾ ਦੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦਾ ਐਲਾਨ- MSP ’ਤੇ ਕਾਨੂੰਨੀ ਗਰੰਟੀ ਦੇਵੇ ਸਰਕਾਰ, 4 ਦਸੰਬਰ ਨੂੰ ਕਰਾਂਗੇ ਅਗਲੀ ਬੈਠਕ