ਮਹਾਰਾਸ਼ਟਰ ਵਿਧਾਨ ਸਭਾ ਚੋਣਾਂ : ਕਾਂਗਰਸ ਨੇ 23 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
Saturday, Oct 26, 2024 - 12:17 PM (IST)
ਨਵੀਂ ਦਿੱਲੀ (ਭਾਸ਼ਾ)- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨੀਵਾਰ ਨੂੰ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਨੇ ਭੁਸਾਵਲ ਤੋਂ ਰਾਜੇਸ਼ ਮਾਨਵਟਕਰ, ਜਲਗਾਓਂ ਤੋਂ ਸਵਾਤੀ ਵਾਕੇਕਰ, ਵਰਧਾ ਤੋਂ ਸ਼ੇਖਰ ਸ਼ਿੰਦੇ, ਨਾਗਪੁਰ ਦੱਖਣੀ ਤੋਂ ਗਿਰੀਸ਼ ਪਾਂਡਵ ਅਤੇ ਯਵਤਮਾਲ ਤੋਂ ਮਾਂਗੂਲਕਰ ਨੂੰ ਟਿਕਟਾਂ ਦਿੱਤੀਆਂ ਹਨ। ਵਸਈ ਤੋਂ ਵਿਜੇ ਗੋਵਿੰਦ ਪਾਟਿਲ, ਸਿਓਨ ਕੋਲੀਵਾੜਾ ਤੋਂ ਗਣੇਸ਼ ਕੁਮਾਰ ਯਾਦਵ ਅਤੇ ਸ਼੍ਰੀਰਾਮਪੁਰ ਤੋਂ ਹੇਮੰਤ ਓਗਲੇ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ਤੋਂ ਇਕ ਦਿਨ ਬਾਅਦ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ। ਕਾਂਗਰਸ ਦੇ ਮਹਾਰਾਸ਼ਟਰ ਇੰਚਾਰਜ ਰਮੇਸ਼ ਚੇਨੀਥਲਾ ਨੇ ਸ਼ੁੱਕਰਵਾਰ ਨੂੰ ਸੀਈਸੀ ਦੀ ਬੈਠਕ ਤੋਂ ਬਾਅਦ ਕਿਹਾ ਸੀ ਕਿ ਮਹਾਰਾਸ਼ਟਰ 'ਚ ਮਹਾ ਵਿਕਾਸ ਅਗਾੜੀ (ਐੱਮਵੀਏ) ਇਕਜੁੱਟ ਹੈ ਅਤੇ ਸ਼ਨੀਵਾਰ ਸ਼ਾਮ ਤੱਕ ਸੀਟ ਦੇ ਤਾਲਮੇਲ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਪਾਰਟੀ ਉਮੀਦਵਾਰਾਂ ਦੀ ਤੀਜੀ ਸੂਚੀ ਸ਼ਨੀਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਕਾਂਗਰਸ ਪਾਰਟੀ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ 48 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਹਿਲੀ ਸੂਚੀ 'ਚ ਕਾਂਗਰਸ ਦੇ ਸੂਬਾ ਪ੍ਰਧਾਨ ਨਾਨਾ ਪਟੋਲੇ, ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ਚਵਾਨ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਿਜੇ ਵਡੇਟੀਵਾਰ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਦੇ ਨਾਂ ਸ਼ਾਮਲ ਹਨ। ਕਈ ਦਿਨਾਂ ਦੇ ਡੈੱਡਲਾਕ ਤੋਂ ਬਾਅਦ, ਮਹਾ ਵਿਕਾਸ ਅਗਾੜੀ ਨੇ ਬੁੱਧਵਾਰ ਨੂੰ 288 ਮੈਂਬਰੀ ਰਾਜ ਵਿਧਾਨ ਸਭਾ ਚੋਣਾਂ ਲਈ ਸੀਟ ਵੰਡ ਦੇ ਫਾਰਮੂਲੇ ਦਾ ਐਲਾਨ ਕੀਤਾ। ਇਸ ਤਹਿਤ ਸ਼ਿਵ ਸੈਨਾ (ਯੂਬੀਟੀ), ਕਾਂਗਰਸ ਅਤੇ ਐੱਨਸੀਪੀ (ਐਸਪੀ) 85-85 ਸੀਟਾਂ 'ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 20 ਨਵੰਬਰ ਨੂੰ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8