ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ATS ਦੇ ਸਾਂਝੇ ਆਪ੍ਰੇਸ਼ਨ ਦੌਰਾਨ 3 ਖ਼ਤਰਨਾਕ ਗੈਂਗਸਟਰ ਮੁੰਬਈ ਤੋਂ ਕਾਬੂ
Monday, Jan 09, 2023 - 03:09 PM (IST)
ਮੁੰਬਈ- ਮੁੰਬਈ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ 3 ਖ਼ਤਰਨਾਕ ਗੈਂਗਸਟਰਾਂ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਦੇ ਅੱਤਵਾਦ ਵਿਰੋਧੀ ਦਸਤੇ (ATS) ਨੇ ਮੁੰਬਈ ਦੇ ਠਾਣੇ ਜ਼ਿਲ੍ਹੇ ਤੋਂ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਮਾਰਚ 2022 ਵਿਚ ਹੋਏ ਮੱਖਣ ਕਤਲ ਕੇਸ ਵਿਚ ਇਹ ਗੈਂਗਸਟਰ ਸ਼ਾਮਲ ਸਨ। ਇਹ ਜਾਣਕਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਟਵੀਟ ਕਰ ਕੇ ਦਿੱਤੀ ਗਈ।
ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮਹਾਰਾਸ਼ਟਰ ਦੇ ATS ਦੇ ਸਾਂਝੇ ਆਪ੍ਰੇਸ਼ਨ ਜ਼ਰੀਏ ਮੁੰਬਈ ਦੇ ਠਾਣੇ ਜ਼ਿਲ੍ਹੇ ਦੇ ਕਲਿਆਣ ਤੋਂ ਤਿੰਨੋਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਤਿੰਨੋਂ ਗੈਂਗਸਟਰ-ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸੰਪਰਕ ਵਿਚ ਵੀ ਸਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੂੰ ਮਿਲੀ ਵਿਸ਼ੇਸ਼ ਸੂਚਨਾ 'ਤੇ ਕਾਰਵਾਈ ਕਰਦਿਆਂ ATS ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ।
ਇਕ ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਜਿਨ੍ਹਾਂ ਦੀ ਉਮਰ 20 ਸਾਲ ਹੈ। ਉਹ ਕਤਲ, ਕਤਲ ਦੀ ਕੋਸ਼ਿਸ਼, ਗੰਭੀਰ ਅਪਰਾਧ, ਹਥਿਆਰ ਅਤੇ ਵਿਸਫੋਟਕ ਰੱਖਣ ਦੇ ਮਾਮਲਿਆਂ ਵਿਚ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਨੂੰ ਪੰਜਾਬ ਪੁਲਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।