ਏਕਨਾਥ ਸ਼ਿੰਦੇ ਅਤੇ ਫੜਨਵੀਸ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

Saturday, Jul 09, 2022 - 10:02 AM (IST)

ਏਕਨਾਥ ਸ਼ਿੰਦੇ ਅਤੇ ਫੜਨਵੀਸ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ– ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸ਼ਨੀਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ ਮੁਲਾਕਾਤ ਕਰਨਗੇ। ਸ਼ਿੰਦੇ ਅਤੇ ਫੜਨਵੀਸ ਨੇ 30 ਜੂਨ ਨੂੰ ਅਹੁਦਾ ਸੰਭਾਲਿਆ ਸੀ। ਉਸ ਤੋਂ ਪਹਿਲਾਂ ਉਸ ਵੇਲੇ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ਿੰਦੇ ਦੀ ਅਗਵਾਈ ’ਚ ਸ਼ਿਵ ਸੈਨਾ ਦੇ ਵਿਧਾਇਕਾਂ ਦੀ ਬਗ਼ਾਵਤ ਮਗਰੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ਼ਿੰਦੇ ਅਤੇ ਫੜਨਵੀਸ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਲ ਵੀ ਸ਼ਿਸ਼ਟਾਚਾਰ ਮੁਲਾਕਾਤ ਕਰਨਗੇ।

ਦੱਸ ਦੇਈਏ ਕਿ ਮਹਾਰਾਸ਼ਟਰ ਦੇ ਦੋਹਾਂ ਨੇਤਾਵਾਂ ਨੇ ਸ਼ੁੱਕਰਵਾਰ ਰਾਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਸ਼ਾਹ ਨਾਲ ਚਰਚਾ ਭਾਜਪਾ ਅਤੇ ਸ਼ਿਵ ਸੈਨਾ ਦੇ ਸ਼ਿੰਦੇ ਧੜੇ ਨਾਲ ਸੱਤਾ ਸਾਂਝੇਦਾਰੀ ਫਾਰਮੂਲੇ ਦੇ ਆਲੇ-ਦੁਆਲੇ ਕੇਂਦਰਿਤ ਰਹੀ। ਸ਼ਾਹ ਨੇ ਸ਼ੁੱਕਰਵਾਰ ਰਾਤ ਟਵੀਟ ਕੀਤਾ, ‘‘ਮੈਨੂੰ ਭਰੋਸਾ ਹੈ ਕਿ ਨਰਿੰਦਰ ਮੋਦੀ ਦੇ ਮਾਰਗਦਰਸ਼ਨ ’ਚ ਤੁਸੀਂ ਦੋਵੇਂ ਵਫ਼ਾਦਾਰੀ ਨਾਲ ਲੋਕਾਂ ਦੀ ਸੇਵਾ ਕਰੋਗੇ ਅਤੇ ਮਹਾਰਾਸ਼ਟਰ ਨੂੰ ਵਿਕਾਸ ਦੀਆਂ ਨਵੀਆਂ ਉੱਚਾਈਆਂ ਤੱਕ ਲੈ ਜਾਓਗੇ।’’ 

ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼ਿੰਦੇ ਅਤੇ ਫੜਨਵੀਸ ਦੀ ਇਹ ਦਿੱਲੀ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਸ਼ਿੰਦੇ ਅਤੇ ਉਨ੍ਹਾਂ ਦੇ ਧੜੇ ਦੇ 15 ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਸਬੰਧੀ ਊਧਵ ਠਾਕਰੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ 11 ਜੁਲਾਈ ਨੂੰ ਅਹਿਮ ਸੁਣਵਾਈ ਹੋਣ ਵਾਲੀ ਹੈ। ਸ਼ਿੰਦੇ ਨੇ ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਨਿਆਪਾਲਿਕਾ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਦੇ ਧੜੇ ਨੂੰ ਸ਼ਿਵ ਸੈਨਾ ਦੇ ਦੋ ਤਿਹਾਈ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ। ਸ਼ਿੰਦੇ ਦੀ ਬਗਾਵਤ ਤੋਂ ਪਹਿਲਾਂ ਸ਼ਿਵ ਸੈਨਾ ਦੇ 55 ਵਿਧਾਇਕ ਸਨ। ਭਾਜਪਾ ਦੇ ਸਮਰਥਨ ਨਾਲ 30 ਜੂਨ ਨੂੰ ਸ਼ਿੰਦੇ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਉਸ ਤੋਂ ਪਹਿਲਾਂ ਉਨ੍ਹਾਂ ਨੇ ਠਾਕਰੇ ਵਿਰੁੱਧ ਬਗਾਵਤ ਕੀਤੀ ਸੀ ਅਤੇ ਠਾਕਰੇ ਦੀ ਅਗਵਾਈ ਵਾਲੀ ਸਰਕਾਰ ਡਿੱਗਾ ਦਿੱਤੀ ਸੀ। ਸ਼ਿੰਦੇ ਨੇ 4 ਜੁਲਾਈ ਨੂੰ ਵਿਸ਼ਵਾਸ ਮਤ ਜਿੱਤਿਆ ਸੀ।


author

Tanu

Content Editor

Related News