ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਵਿਰੋਧ ਕਰ ਰਹੀ ਹੈ ਮਮਤਾ : ਸ਼ਾਹ

Tuesday, Apr 23, 2024 - 07:01 PM (IST)

ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦਾ ਵਿਰੋਧ ਕਰ ਰਹੀ ਹੈ ਮਮਤਾ : ਸ਼ਾਹ

ਮਾਲਦਾ, (ਯੂ. ਐੱਨ. ਆਈ.)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ’ਤੇ ਗੁਆਂਢੀ ਦੇਸ਼ ਬੰਗਲਾਦੇਸ਼ ਤੋਂ ਆ ਕੇ ਇਥੇ ਵਸੇ ਹਿੰਦੂ, ਬੋਧੀ, ਈਸਾਈ ਅਤੇ ਸਿੱਖ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਵਿਰੋਧ ਕਰਨ ਦਾ ਦੋਸ਼ ਲਾਇਆ।

ਸ਼ਾਹ ਨੇ ਮਾਲਦਾ ਦੱਖਣੀ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਸ਼੍ਰੀਰੂਪਾ ਮਿਤਰਾ ਚੌਧਰੀ ਦੇ ਹੱਕ ’ਚ ਇਕ ਵਿਸ਼ਾਲ ਰੋਡ ਸ਼ੋਅ ਕਰਨ ਤੋਂ ਬਾਅਦ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਈ ਵੀ ਉਨ੍ਹਾਂ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ ਅਤੇ ਈਸਾਈਆਂ ਨੂੰ ਨਾਗਰਿਕਤਾ ਸੋਧ ਕਾਨੂੰਨ ਦੇ ਤਹਿਤ ਭਾਰਤੀ ਨਾਗਰਿਕਤਾ ਦੇਣ ਤੋਂ ਨਹੀਂ ਰੋਕ ਸਕਦਾ।

ਉਨ੍ਹਾਂ ਕਿਹਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਵਿਕਾਸ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ। ਇੱਥੋਂ ਤੱਕ ਕਿ ਸੂਬੇ ਦੇ ਮੰਤਰੀਆਂ ਦੇ ਘਰਾਂ ’ਚੋਂ 50 ਤੋਂ 75 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।

ਗ੍ਰਹਿ ਮੰਤਰੀ ਨੇ ਲੋਕਾਂ ਨੂੰ ‘ਕਮਲ’ ਦੇ ਨਿਸ਼ਾਨ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਵੋਟ ਕੇਂਦਰ ’ਚ ਰਾਸ਼ਟਰੀ ਜਮਹੂਰੀ ਗੱਠਜੋੜ (ਐੱਨ. ਡੀ. ਏ.) ਦੀ ਸਰਕਾਰ ਦਾ ਤੀਸਰਾ ਕਾਰਜਕਾਲ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਵੇਗੀ।


author

Rakesh

Content Editor

Related News