ਭੈਣ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਵਾਲਾ ਭਰਾ ਗ੍ਰਿਫਤਾਰ
Saturday, Jan 04, 2025 - 06:34 PM (IST)
ਠਾਣੇ (ਏਜੰਸੀ)- ਨਵੀਂ ਮੁੰਬਈ ਵਿਚ ਇਕ ਭਰਾ ਨੂੰ ਆਪਣੀ 17 ਸਾਲਾ ਭੈਣ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਏ.ਪੀ.ਐੱਮ.ਸੀ. ਖੇਤਰ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਸ਼ੱਕ ਸੀ ਕਿ ਉਸਦੀ ਭੈਣ ਦੇ ਕਿਸੇ ਨਾਲ ਪ੍ਰੇਮ ਸਬੰਧ ਹਨ।
ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਕਥਿਤ ਤੌਰ 'ਤੇ ਆਪਣੀ ਭੈਣ ਨੂੰ ਘਟਨਾ ਥਾਂ 'ਤੇ ਬੁਲਾਇਆ, ਉਸ 'ਤੇ ਪੈਟਰੋਲ ਪਾ ਕੇ ਉਸ ਦੀ ਗਰਦਨ 'ਤੇ ਚਾਕੂ ਰੱਖ ਦਿੱਤਾ ਅਤੇ ਉਸ ਨੂੰ ਲਾਈਟਰ ਨਾਲ ਅੱਗ ਲਾਉਣ ਦੀ ਧਮਕੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਲੜਕੀ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਛੁਡਵਾਇਆ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇੰਡੀਅਨ ਜੂਡੀਸ਼ੀਅਲ ਕੋਡ ਧਾਰਾ 109 (ਕਤਲ ਦੀ ਕੋਸ਼ਿਸ਼) ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।