ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਮਨੀਸ਼ ਸਿਸੋਦੀਆ, ਨਵੇਂ CM ਦੇ ਨਾਂ ''ਤੇ ਲੱਗ ਸਕਦੀ ਹੈ ਮੋਹਰ
Monday, Sep 16, 2024 - 11:19 AM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸੋਮਵਾਰ ਨੂੰ ਮੁਲਾਕਾਤ ਕਰਨਗੇ। ਕੇਜਰੀਵਾਲ ਨੇ ਇਕ ਦਿਨ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ ਅਤੇ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ, ਜਦੋਂ ਤੱਕ ਜਨਤਾ ਉਨ੍ਹਾਂ ਨੂੰ ਈਮਾਨਦਾਰੀ ਦਾ ਸਰਟੀਫ਼ਿਕੇਟ ਨਹੀਂ ਦੇ ਦਿੰਦੀ।
ਪਾਰਟੀ ਦੇ ਇਕ ਅਹੁਦਾ ਅਧਿਕਾਰੀ ਨੇ ਸੋਮਵਾਰ ਨੂੰ ਕਿਹਾ ਕਿ ਕੇਜਰੀਵਾਲ ਅਤੇ ਸਿਸੋਦੀਆ ਅੱਜ ਮੁਲਾਕਾਤ ਕਰਨਗੇ। ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਬੈਠਕ ਹੋਵੇਗੀ। ਬੈਠਕ ਵਿਚ ਦੋਹਾਂ ਨੇਤਾਵਾਂ ਵਿਚਾਲੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਚਰਚਾ ਹੋਵੇਗੀ ਅਤੇ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਮੋਹਰ ਲੱਗੇਗੀ। ਬੈਠਕ ਸਿਵਲ ਲਾਈਨਜ਼ ਇਲਾਕਾ ਸਥਿਤ ਮੁੱਖ ਮੰਤਰੀ ਦੇ ਅਧਿਕਾਰਤ ਆਵਾਸ 'ਤੇ ਹੋਵੇਗੀ।
ਦੱਸਣਯੋਗ ਹੈ ਕਿ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿਚ ਉਹ 'ਆਪ' ਦੇ ਵਿਧਾਇਕਾਂ ਦੀ ਬੈਠਕ ਕਰਨਗੇ ਅਤੇ ਉਨ੍ਹਾਂ ਦੀ ਪਾਰਟੀ ਦੇ ਕਿਸੇ ਸਹਿਕਰਮੀ ਨੂੰ ਮੁੱਖ ਮੰਤਰੀ ਚੁਣਿਆ ਜਾਵੇਗਾ। ਕੇਜਰੀਵਾਲ ਦੀ ਇਸ ਹੈਰਾਨੀਜਨਕ ਐਲਾਨ ਮਗਰੋਂ ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਦਿੱਲੀ ਸਰਕਾਰ ਵਿਚ ਮੰਤਰੀ- ਆਤਿਸ਼ੀ ਅਤੇ ਗੋਪਾਲ ਰਾਏ ਦੇ ਨਾਂ ਸੰਭਾਵਿਤ ਮੁੱਖ ਮੰਤਰੀ ਦੇ ਰੂਪ ਵਿਚ ਚਰਚਾ ਵਿਚ ਹਨ।