ਵਿਰੋਧੀ ਧਿਰ ਦੇ ਨੇਤਾਵਾਂ ਨੂੰ ਜੰਮੂ-ਕਸ਼ਮੀਰ ਜਾਣ ਤੋਂ ਕਿਉਂ ਰੋਕਿਆ ਜਾ ਰਿਹੈ : ਮਨੀਸ਼ ਤਿਵਾੜੀ

09/04/2019 4:19:51 PM

ਨਵੀਂ ਦਿੱਲੀ— ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਹੁਣ ਤਕ ਦੇ 96 ਦਿਨ ਦਮਨ, ਅੱਤਿਆਚਾਰ ਅਤੇ ਅਰਾਜਕਤਾ ਨਾਲ ਭਰੇ ਰਹੇ ਹਨ ਅਤੇ ਇਸ ਕਾਰਨ ਜੰਮੂ-ਕਸ਼ਮੀਰ ਤੋਂ ਲੈ ਕੇ ਆਸਾਮ ਤਕ ਲੋਕ ਪ੍ਰੇਸ਼ਾਨ ਹਨ ਅਤੇ ਅਰਥਵਿਵਸਥਾ ਮਾੜੀ ਸਥਿਤੀ 'ਚ ਪਹੁੰਚ ਗਈ ਹੈ। ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਚ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿਚ ਲੋਕਾਂ ਨੂੰ ਇਕ ਤਰ੍ਹਾਂ ਨਾਲ ਬੰਧਕ ਬਣਾ ਦਿੱਤਾ ਹੈ ਅਤੇ ਆਸਾਮ 'ਚ 19 ਲੱਖ ਲੋਕਾਂ ਨੂੰ ਰਾਸ਼ਟਰੀ ਨਾਗਰਿਕਤਾ ਰਜਿਸਟਰ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਸਕੂਲ-ਕਾਲਜ ਬੰਦ ਹਨ ਅਤੇ ਸੰਚਾਰ ਮਾਧਿਅਮਾਂ ਦੇ ਇਸਤੇਮਾਲ ਦਾ ਹੱਕ ਲੋਕਾਂ ਤੋਂ ਖੋਹਿਆ ਗਿਆ ਹੈ। ਲੋਕ ਆਪਣੇ ਘਰਾਂ ਵਿਚ ਕੈਦੀ ਬਣ ਕੇ ਰਹਿਣ ਨੂੰ ਮਜਬੂਰ ਹਨ। ਇਸ ਦੇ ਬਾਵਜੂਦ ਸਰਕਾਰ ਦਾਅਵਾ ਕਰ ਰਹੀ ਹੈ ਕਿ ਉੱਥੇ ਹਾਲਾਤ ਠੀਕ ਹਨ ਅਤੇ ਫਿਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਉੱਥੇ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਸ ਨੇ ਜੰਮੂ-ਕਸ਼ਮੀਰ ਦੇ ਸੰਬੰਧ 'ਚ ਸਹੀ ਫੈਸਲਾ ਲਿਆ ਹੈ ਤਾਂ ਫਿਰ ਉੱਥੇ ਭਾਰੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕਰ ਕੇ ਲੋਕਾਂ ਨੂੰ ਘਰਾਂ ਵਿਚ ਬੰਦ ਰਹਿਣ ਲਈ ਕਿਉਂ ਮਜਬੂਰ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਪਾਬੰਦੀ ਕਿਉਂ ਲਾਈ ਗਈ ਹੈ ਅਤੇ ਪ੍ਰਮੁੱਖ ਸਿਆਸੀ ਦਲਾਂ ਦੇ ਨੇਤਾਵਾਂ ਨੂੰ ਹਿਰਾਸਤ ਵਿਚ ਕਿਉਂ ਲਿਆ ਗਿਆ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਸਰਕਾਰ ਜੇਕਰ ਉੱਥੇ ਸੱਚ ਵਿਚ ਹਾਲਾਤ ਠੀਕ ਹਨ ਤਾਂ ਉੱਥੇ ਸਾਰਿਆਂ ਨੂੰ ਜਾਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਣਾ ਚਾਹੀਦਾ ਹੈ।


Tanu

Content Editor

Related News