ਰਾਜਸਥਾਨ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਵਰਤੇ ਗਏ ਹਥਕੰਡੇ ਘਟੀਆ : ਸਿਰਸਾ

01/01/2021 11:37:14 AM

ਨਵੀਂ ਦਿੱਲੀ (ਚਾਵਲਾ)– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਰਾਜਸਥਾਨ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਘਟੀਆ ਹੱਥਕੰਡੇ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ : ਕੀ ਤੁਸੀਂ ਅਜੇ ਵੀ ਨਹੀਂ ਜਾਣਦੇ ਕੀ ਨੇ ਖੇਤੀਬਾੜੀ ਕਾਨੂੰਨ ਤੇ ਕਿਉਂ ਹੋ ਰਿਹੈ ਵਿਰੋਧ ਤਾਂ ਪੜ੍ਹੋ ਇਹ ਖ਼ਾਸ ਰਿਪੋਰਟ

ਸਿਰਸਾ ਨੇ ਕਿਹਾ ਕਿ ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ ਤੇ ਇਨ੍ਹਾਂ ਨੇ ਸ਼ਾਹਜਹਾਂਪੁਰ ਵਿਖੇ ਰਾਜਸਥਾਨ-ਹਰਿਆਣਾ ਸਰਹੱਦ ’ਤੇ ਪੁਲਸ ਵੱਲੋਂ ਲਗਾਈ ਬੈਰੀਕੇਡਿੰਗ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪੂਰੇ ਉਤਸ਼ਾਹ ਨਾਲ ਦਿੱਲੀ ਵੱਲ ਵੱਧ ਰਹੇ ਸਨ ਪਰ ਹਰਿਆਣਾ ਸਰਕਾਰ ਨੇ ਬਣਾਉਟੀ ਟਰੈਫਿਕ ਜਾਮ ਲਗਾ ਕੇ ਇਨ੍ਹਾਂ ਦੀਆਂ ਟਰੈਕਟਰ-ਟਰਾਲੀਆਂ ਤੇ ਹੋਰ ਸਾਧਨਾਂ ਨੁੰ ਦਿੱਲੀ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਮਨਸੂਬਿਆਂ ਵਿਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਤੇ ਰਾਜਸਥਾਨ ਦੇ ਇਹ ਕਿਸਾਨ ਹਰ ਹੀਲੇ ਦਿੱਲੀ ਬਾਰਡਰਾਂ ’ਤੇ ਪੁੱਜ ਕੁੰਡਲੀ ਵਿਖੇ ਕਿਸਾਨ ਸੰਘਰਸ਼ ਦਾ ਹਿੱਸਾ ਬਣਨਗੇ।

ਨਵੇਂ ਸਾਲ ਦੇ ਸਮਾਗਮਾਂ ਦਾ ਸਮਾਂ ਘਟਾਇਆ
ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਇਹ ਵੀ ਦੱਸਿਆ ਕਿ ਦਿੱਲੀ ਸਰਕਾਰ ਵੱਲੋਂ ਕੋਰੋਨਾ ਹਾਲਾਤਾਂ ਨੂੰ ਵੇਖਦਿਆਂ ਰਾਤ 11.00 ਵਜੇ ਤੋਂ ਕਰਫਿਊ ਲਾਗੂ ਕਰ ਦਿੱਤੇ ਜਾਣ ਦੇ ਮੱਦੇਨਜ਼ਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸ਼ੀਸ਼ਗੰਜ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦਾ ਸਮਾਂ ਰਾਤ 12.00 ਵਜੇ ਤੋਂ ਘਟਾ ਕੇ 10.00 ਵਜੇ ਕਰ ਦਿੱਤਾ ਗਿਆ ਹੈ ਤਾਂ ਜੋ ਸੰਗਤ 10.00 ਵਜੇ ਤੱਕ ਗੁਰੂ ਘਰਾਂ ਦੇ ਦਰਸ਼ਨ ਕਰ ਕੇ ਕਰਫਿਊ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਆਪੋ-ਆਪਣੇ ਘਰ ਪਹੁੰਚ ਜਾਵੇ।

ਇਹ ਵੀ ਪੜ੍ਹੋ : ਅੰਦੋਲਨ 'ਚ ਸ਼ਾਮਲ ਕਿਸਾਨ ਦੀ ਦਿਮਾਗ਼ ਦੀ ਨਾੜੀ ਫਟਣ ਨਾਲ ਮੌਤ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News