ਸੱਜਣ ਕੁਮਾਰ ਦੀ ਤਰ੍ਹਾਂ ਕਮਲਨਾਥ ਵੀ ਜਾਣਗੇ ਜੇਲ : ਸਿਰਸਾ

06/15/2019 3:55:39 PM

ਨਵੀਂ ਦਿੱਲੀ— ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸੱਜਣ ਕੁਮਾਰ ਦੀ ਹੀ ਤਰ੍ਹਾਂ ਕਮਲਨਾਥ ਵੀ ਜੇਲ ਜ਼ਰੂਰ ਜਾਣਗੇ। ਸਿਰਸਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਐੱਸ.ਆਈ.ਟੀ. ਨੂੰ ਕਿਹਾ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵਿਰੁੱਧ 1984 ਦੰਗਿਆਂ ਦੇ ਬੰਦ ਮਾਮਲਿਆਂ ਦੀ ਮੁੜ ਜਾਂਚ ਕਰੇ।

ਸਿਰਸਾ ਨੇ ਕਿਹਾ ਕਿ ਗਾਂਧੀ ਪਰਿਵਾਰ ਕਾਰਨ ਕਮਲਨਾਥ ਵੀ ਜੈੱਡ ਪਲੱਸ ਸੁਰੱਖਿਆ ਹਾਸਲ ਕੀਤੇ ਹੋਏ ਹਨ। ਉਨ੍ਹਾਂ ਨੇ ਕਿਹਾ ਜਦੋਂ ਮੁੜ ਜਾਂਚ ਖਤਮ ਹੋ ਜਾਵੇਗੀ ਤਾਂ ਸਾਬਤ ਹੋ ਜਾਵੇਗਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਕਮਲਨਾਥ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕਈ ਨੇਤਾਵਾਂ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 1984 'ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਸਮੇਤ ਕਾਂਗਰਸ ਪਾਰਟੀ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਸੀ। 

ਉੱਥੇ ਹੀ ਕਾਂਗਰਸ ਦੇ ਸੀਨੀਅਰ ਨੇਤਾ ਸੈਮ ਪਿਤ੍ਰੋਦਾ ਦਾ ਬਿਆਨ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ 'ਹੋਇਆ ਤਾਂ ਹੋਇਆ' ਕਾਂਗਰਸ ਪਾਰਟੀ ਲਈ ਮੁਸੀਬਤ ਬਣ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਲੈ ਕੇ ਕਾਂਗਰਸ ਦੀ ਜੰਮ ਕੇ ਆਲੋਚਨਾ ਕੀਤੀ ਸੀ। ਉੱਥੇ ਹੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਬਿਆਨ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਸੈਮ ਪਿਤ੍ਰੋਦਾ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।


DIsha

Content Editor

Related News