ਮਨਜੀਤ ਸਿੰਘ ਜੀਕੇ ਨੇ ਕੀਤੀ ਘਰ ਵਾਪਸੀ, ਮੁੜ  ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

12/25/2023 2:11:46 PM

ਨਵੀਂ ਦਿੱਲੀ- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ 'ਜਾਗੋ ਪਾਰਟੀ' ਦੇ ਸਰਪ੍ਰਸਤ ਮਨਜੀਤ ਸਿੰਘ ਜੀ.ਕੇ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਘਰ ਵਾਪਸੀ ਕਰ ਲਈ ਹੈ। ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਆਗੂਆਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਮੁੜ ਸ਼ਾਮਲ ਕਰਵਾਇਆ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਅਕਾਲੀ ਦਲ ਵਿਚ ਵਾਪਸੀ ਤੋਂ ਬਾਅਦ ਜੀਕੇ ਨੇ ਕਿਹਾ,''ਮੈਂ ਬਿਨਾਂ ਸ਼ਰਤ ਵਾਪਸੀ ਕਰ ਰਿਹਾ ਹਾਂ। ਅੱਜ ਸਿੱਖਾਂ ਦੇ ਮਸਲਿਆਂ 'ਤੇ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ। ਅਸੀਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ। ਕੌਮ ਦੇ ਹਿੱਤ ਸਾਡੇ ਲਈ ਸਭ ਤੋਂ ਉੱਪਰ ਹਨ।'' ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਿੱਖਾਂ ਦੇ ਮਾਮਲਿਆਂ 'ਤੇ ਇਕਜੁੱਟ ਹੋਣ ਦੀ ਲੋੜ ਹੈ। ਜੀਕੇ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਇਕੱਠੇ ਹੋ ਕੇ ਲੜਾਂਗੇ। 

ਦੱਸਣਯੋਗ ਹੈ ਕਿ ਸਾਲ 2019 'ਚ ਮਨਜੀਤ ਸਿੰਘ ਜੀਕੇ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ 'ਚ ਘਿਰੇ ਹੋਣ ਕਾਰਨ ਅਕਾਲੀ ਦਲ ਨੇ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫ਼ੇ ਮਗਰੋਂ ਉਨ੍ਹਾਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ, ਜਿਸ ਦਾ ਨਾਂ 'ਜਾਗੋ ਪਾਰਟੀ' ਰੱਖਿਆ ਗਿਆ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha