ਸ਼੍ਰੀ ਕ੍ਰਿਸ਼ਨ ਜਨਮ ਅਸਥਾਨ ਦੀ ਸੁਰੱਖਿਆ ਲਈ ਤਾਇਨਾਤ ਪੀਏਸੀ ਜਵਾਨ ਨੇ ਕੀਤੀ ਖੁਦਕੁਸ਼ੀ
Tuesday, Jul 23, 2024 - 09:56 PM (IST)

ਮਥੁਰਾ : ਮਥੁਰਾ ਜ਼ਿਲ੍ਹੇ ਵਿਚ ਸ਼੍ਰੀ ਕ੍ਰਿਸ਼ਨ ਦੇ ਜਨਮ ਅਸਥਾਨ ਦੀ ਸੁਰੱਖਿਆ ਲਈ ਤਾਇਨਾਤ ਪ੍ਰੋਵਿੰਸ਼ੀਅਲ ਆਰਮਡ ਕਾਂਸਟੇਬੁਲਰੀ (ਪੀਏਸੀ) ਦੀ 15ਵੀਂ ਬਟਾਲੀਅਨ ਦੇ ਇਕ ਸਿਪਾਹੀ ਨੇ ਕਥਿਤ ਤੌਰ 'ਤੇ ਆਪਣੀ ਬੈਰਕ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਪੁਲਸ ਸੁਪਰਡੈਂਟ (ਸਿਟੀ) ਅਰਵਿੰਦ ਕੁਮਾਰ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਪੀਏਸੀ ਦੇ ਪਲਟੂਨ ਕਮਾਂਡਰ ਨੇ ਸੂਚਨਾ ਦਿੱਤੀ ਸੀ ਕਿ ਸ਼੍ਰੀ ਕ੍ਰਿਸ਼ਨ ਜਨਮ ਸਥਾਨ 'ਤੇ ਸੁਰੱਖਿਆ ਡਿਊਟੀ ਕਰ ਰਹੇ ਸਿਪਾਹੀ ਸੁਧੀਰ ਮਲਿਕ (25) ਨੇ ਹਾਈਵੇ ਪੁਲਿਸ ਸਟੇਸ਼ਨ ਖੇਤਰ ਵਿੱਚ ਸਥਿਤ ਪੀਏਸੀ ਬੈਰਕ 'ਚ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੁਧੀਰ ਗੌਤਮ ਬੁੱਧ ਨਗਰ ਦਾ ਰਹਿਣ ਵਾਲਾ ਸੀ। ਕੁਮਾਰ ਨੇ ਦੱਸਿਆ ਕਿ ਭਾਵੇਂ ਇਹ ਸਾਧਾਰਨ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੋਈ ਸ਼ਿਕਾਇਤ ਮਿਲਣ ਤੋਂ ਬਾਅਦ ਹੋਰ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।