ਮਾਰੀਸ਼ਸ ਨੇ ਮਨਮੋਹਨ ਸਿੰਘ ਦੇ ਸਨਮਾਨ 'ਚ ਝੰਡਾ ਅੱਧਾ ਝੁਕਾਉਣ ਦਾ ਕੀਤਾ ਐਲਾਨ
Saturday, Dec 28, 2024 - 03:54 PM (IST)
ਨਵੀਂ ਦਿੱਲੀ (ਏਜੰਸੀ)- ਮਾਰੀਸ਼ਸ ਨੇ ਐਲਾਨ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਵਜੋਂ ਸ਼ਨੀਵਾਰ ਨੂੰ ਸੂਰਜ ਡੁੱਬਣ ਤੱਕ ਸਾਰੇ ਸਰਕਾਰੀ ਦਫਤਰਾਂ ਅਤੇ ਅਦਾਰਿਆਂ 'ਚ ਉਸ ਦਾ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਰਾਮਗੁਲਾਮ ਦੇ ਦਫ਼ਤਰ ਨੇ ਇੱਕ ਬਿਆਨ ਵਿੱਚ ਪ੍ਰਾਈਵੇਟ ਸੈਕਟਰ ਨੂੰ ਵੀ ਝੰਡਾ ਅੱਧਾ ਝੁਕਾਉਣ ਦੀ ਅਪੀਲ ਕੀਤੀ। ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੇ ਰਾਮਫੁੱਲ ਨੇ ਦਿੱਲੀ ਆ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ: 'ਉਹ ਇਕ ਸੱਚੇ ਰਾਜਨੇਤਾ ਸਨ', ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਡਾ.ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ, 'ਭਾਰਤ ਗਣਰਾਜ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ, ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਦਿਨ, ਅੱਜ ਸ਼ਨੀਵਾਰ ਨੂੰ ਸੂਰਜ ਡੁੱਬਣ ਤੱਕ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਮਾਰੀਸ਼ਸ ਦਾ ਝੰਡਾ ਅੱਧਾ ਝੁਕਿਆ ਰਹੇਗਾ।' ਬਿਆਨ ਵਿੱਚ ਕਿਹਾ ਗਿਆ ਹੈ, 'ਪ੍ਰਾਈਵੇਟ ਸੈਕਟਰ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਝੰਡੇ ਅੱਧੇ ਝੁਕੇ ਰਹਿਣ।' ਭਾਰਤ ਵਿੱਚ ਆਰਥਿਕ ਸੁਧਾਰਾਂ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਦਿੱਲੀ ਦੇ ਨਿਗਮਬੋਧ ਘਾਟ 'ਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8